ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ
ਰੂਪਨਗਰ, 8 ਨਵੰਬਰ: ਵਾਤਾਵਰਣ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲੇ ਪ੍ਰਦੂਸ਼ਣ ਤੋਂ ਬਚਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਮੀਨੀ ਪੱਧਰ ਉਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਈ.ਏ.ਐੱਸ. ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਚ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਸਬੰਧੀ ਹਰ ਸੰਭਵ ਯਤਨ ਕੀਤਾ ਗਿਆ ਹੈ ਜਿਸ ਤਹਿਤ ਸੁਪਰ ਸੀਡਰ ਅਤੇ ਵੱਖ-ਵੱਖ ਤਰ੍ਹਾਂ ਦੀਆਂ ਮਸ਼ੀਨਾਂ ਉਪਲੱਭਧ ਕਰਵਾਈਆਂ ਗਈਆਂ ਹਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਸਿੱਧੇ ਤੌਰ ਉਤੇ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਜ਼ਿਲ੍ਹੇ ਵਿਚ ਸੁਪਰ ਸੀਡਰਾਂ ਦੀ ਉਪਲੱਭਧਤਾ ਵੀ ਹੈ ਅਤੇ ਵੱਡੀ ਗਿਣਤੀ ਵਿਚ ਅਗਾਂਹਵਧੂ ਕਿਸਾਨਾਂ ਵਲੋਂ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਨਾਂ ਕਿਸਾਨਾਂ ਵਲੋਂ ਪਿਛਲੇ ਲੰਮੇਂ ਸਮੇਂ ਤੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਉਨ੍ਹਾਂ ਅਨੁਸਾਰ ਨਾ ਹੀ ਕਦੇ ਇਸ ਨੂੰ ਚੂਹਾ ਲਗਦਾ ਹੈ ਅਤੇ ਨਾ ਹੀ ਕੋਈ ਸੁੰਡੀ ਲੱਗਦੀ ਹੈ। ਇਸ ਦੇ ਨਾਲ ਹੀ ਡਾਇਆ ਤੇ ਜੂਰੀਆ ਦੀ ਲਾਗਤ ਵੀ ਘੱਟਦੀ ਹੈ ਅਤੇ ਫਸਲ ਦਾ ਝਾੜ ਵੀ ਵੱਧਦਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਜ਼ਿਲ੍ਹੇ ਦੇ ਕਿਸਾਨਾਂ ਵਲੋਂ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਗਿਆ ਹੈ ਜਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਲਈ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਕਿਸਾਨਾਂ ਵਲੋਂ ਵਿਆਪਕ ਪੱਧਰ ਉਤੇ ਯਤਨ ਕੀਤੇ ਗਏ ਹਨ ਜੋ ਕਾਬਿਲ ਏ ਤਾਰੀਫ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਹੋਣ ਵਾਲੇ ਪ੍ਰਦੂਸ਼ਣ ਨਾਲ ਪੂਰਾ ਭਾਰਤ ਜ਼ਹਿਰੀਲੇ ਧੂੰਏ ਦੀ ਧੁੰਦ ਦੀ ਲਪੇਟ ਵਿਚ ਆ ਜਾਂਦਾ ਹੈ ਜਿਸ ਉਪਰੰਤ ਵਾਤਾਵਰਣ ਨੂੰ ਜੋ ਨੁਕਸਾਨ ਹੁੰਦਾ ਹੈ ਜੋ ਦਸ਼ਕਾਂ ਤੱਕ ਠੀਕ ਨਹੀਂ ਹੋ ਸਕਦਾ। ਜਿਸ ਕਰਕੇ ਕੁਦਰਤ ਦੇ ਚੱਕਰ ਅਤੇ ਪ੍ਰਕਿਰਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਜੋ ਸਿੱਧੇ ਤੌਰ ਉਤੇ ਰੁੱਤਾਂ ਉਤੇ ਅਸਰ ਕਰਦੀ ਹੈ ਅਤੇ ਜਿਸ ਦਾ ਖਾਮਿਆਜ਼ਾ ਹਰ ਨਾਗਰਿਕ ਨੂੰ ਭੁਗਤਣਾ ਪੈਂਦਾ ਹੈ।