ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਸ੍ਰੀ ਚਮਕੌਰ ਸਾਹਿਬ, 08 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼੍ਰੀ ਚਮਕੌਰ ਸਾਹਿਬ ਵਲੋਂ ਪਿੰਡ ਬਹਿਰਾਮਪੁਰ ਬੇਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਬਲਾਕ ਪੱਧਰੀ ਕੈਂਪ ਵਿੱਚ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਗਿਆ ਕਿ ਪਰਾਲੀ ਨਾ ਸਾੜੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਖੇਤਾਂ ਦਾ ਨੁਕਸਾਨ, ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸੜਕਾਂ ਤੇ ਆਉਣ ਵਾਲੇ ਰਾਹਗੀਰਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਹੀ ਵਹਾਇਆ ਜਾਵੇ ਕਿਉਕਿ ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਅਨੇਕਾਂ ਫਾਇਦੇ ਹਨ ਅਤੇ ਖੇਤਾਂ ਦੀ ਉਪਜ ਵੀ ਵੱਧਦੀ ਹੈ। ਇਸ ਤੋਂ ਇਲਾਵਾ ਬੇਲਰਾਂ ਪਾਸੋਂ ਗੱਠਾਂ ਵੀ ਤਿਆਰ ਕਰਾ ਸਕਦੇ ਹੋ।
ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤੀ ਜਾਂਦੀ ਮਸ਼ੀਨਰੀ ਜਿਵੇਂ ਕਿ ਸੁਪਰਸੀਡਰ, ਬੇਲਰ ਆਦਿ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਤਾਂ ਜੋ ਕਿਸਾਨ ਪਰਾਲੀ ਦਾ ਪ੍ਰਬੰਧਨ ਕਰ ਸਕਣ।
ਇਸ ਮੌਕੇ ਇਹ ਵੀ ਅਪੀਲ ਕੀਤੀ ਗਈ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਇਆ ਜਾਵੇ। ਜਿਸ ਨਾਲ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਕੈਂਪ ਵਿੱਚ ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਖੇਤੀਬਾੜੀ ਵਿਕਾਸ ਅਫਸਰ ਦਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਸ਼ੋਕ ਕੁਮਾਰ, ਖੇਤੀਬਾੜੀ ਉਪ ਨਿਰੀਖਕ ਗੁਰਪ੍ਰੀਤ ਸਿੰਘ ਅਤੇ ਮੋਹਿਤ ਹਾਜ਼ਰ ਸਨ |