ਪੀਸੀਪੀਐਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ, ਭਰੂਣ ਲਿੰਗ ਜਾਂਚ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਪੀਸੀਪੀਐਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ, ਭਰੂਣ ਲਿੰਗ ਜਾਂਚ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਅਤੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀਆਂ ਮੀਟਿੰਗਾਂ ਸੰਪੰਨ
ਰੂਪਨਗਰ, 16 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ (ਪੀਸੀਪੀਐਨਡੀਟੀ ਐਕਟ) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਤੋਂ ਪਹਿਲਾਂ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵੀ ਹੋਈ। ਮੀਟਿੰਗਾਂ ਦੌਰਾਨ ਪੀਸੀਪੀਐਨਡੀਟੀ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਭਰੂਣ ਲਿੰਗ ਜਾਂਚ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ, ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਅਤੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਵੱਲੋਂ ਪਾਸ ਕੀਤੇ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਭਰੂਣ ਲਿੰਗ ਜਾਂਚ ਕਰਵਾਉਣਾ ਅਤੇ ਕਰਨਾ ਦੋਵੇਂ ਹੀ ਕਾਨੂੰਨੀ ਅਪਰਾਧ ਹਨ। ਉਨ੍ਹਾਂ ਕਿਹਾ ਕਿ ਪੀਸੀਪੀਐਨਡੀਟੀ ਐਕਟ ਦਾ ਮੁੱਖ ਉਦੇਸ਼ ਧੀਆਂ ਦੇ ਜਨਮ ਨੂੰ ਸੁਰੱਖਿਅਤ ਬਣਾਉਣਾ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਅਲਟਰਾਸਾਊਂਡ ਕੇਂਦਰਾਂ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਰਜਿਸਟਰਡ ਅਲਟਰਾਸਾਊਂਡ ਕੇਂਦਰਾਂ ਦੀ ਕਾਰਗੁਜ਼ਾਰੀ, ਰਿਕਾਰਡ ਦੀ ਸੰਭਾਲ ਅਤੇ ਫਾਰਮ-ਐੱਫ ਦੀ ਸਹੀ ਭਰਤੀ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਹਰ ਕੇਂਦਰ ਆਪਣੇ ਸਾਰੇ ਰਿਕਾਰਡ ਨਿਯਮਾਂ ਅਨੁਸਾਰ ਸੰਭਾਲੇ ਅਤੇ ਲੋੜ ਪੈਣ ‘ਤੇ ਜਾਂਚ ਟੀਮ ਨੂੰ ਤੁਰੰਤ ਉਪਲਬਧ ਕਰਵਾਏ।
ਡਾ. ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਨਿਰੀਖਣ ਜਾਰੀ ਰਹਿਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲਿੰਗ ਚੋਣ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਿਰਫ਼ ਕਾਨੂੰਨ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਹੋਈ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਵੀ ਪੀਸੀਪੀਐਨਡੀਟੀ ਐਕਟ ਦੀ ਪ੍ਰਭਾਵਸ਼ਾਲੀ ਪਾਲਣਾ, ਜਨ-ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਨਿਰੀਖਣ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ, ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ। ਕਮੇਟੀ ਦੇ ਮੈਂਬਰਾਂ ਨੇ ਆਪਣੇ ਕੀਮਤੀ ਸੁਝਾਅ ਦਿੱਤੇ ਅਤੇ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਂਝੇ ਉਪਰਾਲਿਆਂ ‘ਤੇ ਜ਼ੋਰ ਦਿੱਤਾ।
ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਚੇਅਰਪਰਸਨ ਅਤੇ ਗਾਇਨੀਕੋਲੋਜਿਸਟ ਡਾ. ਨੀਰਜ ਨੇ ਕਿਹਾ ਕਿ ਧੀਆਂ ਸਮਾਜ ਦਾ ਅਨਮੋਲ ਧਨ ਹਨ ਅਤੇ ਉਨ੍ਹਾਂ ਨੂੰ ਜਨਮ ਲੈਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਭਰੂਣ ਲਿੰਗ ਜਾਂਚ ਜਾਂ ਇਸ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ, ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਡੀਪੀਓ ਸ਼ਰੂਤੀ ਸ਼ਰਮਾ, ਡਾ. ਪੁਨੀਤ ਸੈਣੀ, ਡਾ. ਗੁਰਸੇਵਕ ਸਿੰਘ, ਏਡੀਏ ਲਵਪ੍ਰੀਤ ਕੌਰ, ਰੋਟਰੀ ਕਲੱਬ ਰੂਪਨਗਰ ਦੀ ਪ੍ਰਧਾਨ ਗਗਨ ਸੈਣੀ, ਰੋਟਰੀ ਕਲੱਬ ਸੈਂਟਰਲ ਰੂਪਨਗਰ ਦੇ ਪ੍ਰਧਾਨ ਸਲੇਸ਼ ਸ਼ਰਮਾ, ਰਾਜੇਸ਼ ਸਹਿਗਲ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਖੁਸ਼ਹਾਲ ਹਾਜ਼ਰ ਸਨ।