ਪੀ.ਏ.ਯੂ.-ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪੀ.ਏ.ਯੂ.-ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਰੂਪਨਗਰ, 13 ਅਗਸਤ: ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਆਪਣੇ ਗੋਦ ਲਏ ਪਿੰਡ ਭੈਰੋਂਮਾਜਰਾ ਦੇ ਕਿਸਾਨਾਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ 25 ਕਿਸਾਨਾਂ ਨੇ ਭਾਗ ਲਿਆ। ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਭਾਗ ਲੈਣ ਵਾਲੇ ਕਿਸਾਨਾਂ ਦਾ ਸਵਾਗਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਦੀ ਮਿੱਟੀ ਵਿੱਚ ਮਿਲਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀ ਪਰਾਲੀ ਪ੍ਰਬੰਧਨ ਮਸ਼ੀਨਰੀ, ਜਿਸ ਵਿੱਚ ਸਮਾਰਟ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ ਅਤੇ ਹੈਲੋ ਆਦਿ ਸ਼ਾਮਲ ਹਨ, ਦੇ ਸੰਚਾਲਨ ਅਤੇ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਬਾਹੋਵਾਲ ਡਾ. ਐਮ.ਐਸ. ਬੌਂਸ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਸੁਚੱਜੇ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।
ਇਸ ਤੋਂ ਇਲਾਵਾ ਕੇ.ਵੀ.ਕੇ. ਦੇ ਮਾਹਿਰਾਂ ਵੱਲੋਂ ਪਸ਼ੂ ਪਾਲਣ, ਬਾਗ਼ਬਾਨੀ ਅਤੇ ਖੇਤੀ-ਜੰਗਲਾਤ ਦੇ ਖੇਤਰਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਉਤਪਾਦਕ ਵਰਤੋਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਰੱਖਣ ਵਾਲੇ ਖੇਤਾਂ ਵਿੱਚ ਚੂਹਿਆਂ ਦੇ ਪ੍ਰਬੰਧਨ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਇਸ ਦੀ ਸੁਚੱਜੀ ਸੰਭਾਲ ਕਰਨ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਵਿਗਿਆਨਕ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।