ਬੰਦ ਕਰੋ

ਪ੍ਰਬੰਧਕੀ ਸਕੱਤਰ ਕੁਮਾਰ ਰਾਹੁਲ ਨੇ ਅਬਿਆਣਾ ਮੰਡੀ ਦਾ ਕੀਤਾ ਦੌਰਾ

ਪ੍ਰਕਾਸ਼ਨ ਦੀ ਮਿਤੀ : 07/11/2024
Administrative Secretary Kumar Rahul reviews paddy procurement in Abhiana Mandi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਪ੍ਰਬੰਧਕੀ ਸਕੱਤਰ ਕੁਮਾਰ ਰਾਹੁਲ ਨੇ ਅਬਿਆਣਾ ਮੰਡੀ ਦਾ ਕੀਤਾ ਦੌਰਾ

ਰੂਪਨਗਰ, 7 ਨਵੰਬਰ: ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਨੇ ਰੂਪਨਗਰ ਜ਼ਿਲ੍ਹੇ ਦੀ ਅਬਿਆਣਾ ਮੰਡੀ ਦਾ ਦੌਰਾ ਕਰ ਕੇ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੀ ਹਾਜ਼ਰ ਸਨ।

ਸ਼੍ਰੀ ਕੁਮਾਰ ਰਾਹੁਲ ਨੇ ਫੂਡ ਸਪਲਾਈ ਵਿਭਾਗ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚ ਰਹੀ ਝੋਨੇ ਦੀ ਫ਼ਸਲ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਮੰਡੀ ਵਿੱਚ ਮੋਜੂਦ ਕਿਸਾਨਾਂ ਨਾਲ ਖਰੀਦ ਪ੍ਰਬੰਧਾਂ ਬਾਰੇ ਗੱਲਬਾਤ ਵੀ ਕੀਤੀ।

ਪ੍ਰਬੰਧਕੀ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆ ਨੂੰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸ੍ਰੀਮਤੀ ਕਿੰਮੀ ਵਨੀਤ ਕੌਰ ਸੇਠੀ ਨੂੰ ਹਦਾਇਤ ਕੀਤੀ ਕਿ ਬਰਦਾਨਾ ਤੇ ਕਿਸਾਨਾਂ ਨੂੰ ਹੋਰ ਆ ਰਹੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸ੍ਰੀਮਤੀ ਕਿੰਮੀ ਵਨੀਤ ਕੌਰ ਸੇਠੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 63 ਹਜ਼ਾਰ 465 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ 1 ਲੱਖ 63 ਹਜ਼ਾਰ 064 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਹੀ 7 ਹਜਾਰ 645 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ, ਜਿਸ ਵਿਚੋਂ ਪਨਗ੍ਰੇਨ ਨੇ 2 ਹਜਾਰ 421 ਮੀਟ੍ਰਿਕ ਟਨ, ਮਾਰਕਫੈਡ ਨੇ 1 ਹਜਾਰ 937 ਮੀਟ੍ਰਿਕ ਟਨ, ਪਨਸਪ ਨੇ 1 ਹਜਾਰ 632 ਮੀਟ੍ਰਿਕ ਟਨ, ਵੇਅਰ ਹਾਊਸ ਨੇ 1 ਹਜਾਰ 243 ਮੀਟ੍ਰਿਕ ਟਨ ਤੇ ਐਫਸੀਆਈ ਨੇ 368 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ। ਇਸ ਦੀ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਬਦਲੇ 354.59 ਕਰੋੜ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।