ਪ੍ਰਭਾਵਿਤ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪ੍ਰਭਾਵਿਤ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਨਾ ਸਾੜਨ ਦੀ ਕੀਤੀ ਅਪੀਲ
ਰੂਪਨਗਰ, 3 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਬੁਰੀ ਤਰਾਂ ਪ੍ਰਭਾਵਿਤ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਜਿਸ ਲਈ ਸਾਨੂੰ ਕੁਦਰਤ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਉਣ ਵਾਲਿਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੁਰੱਖਿਅਤ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਨੇ ਸਮੂਹ ਐਸ ਡੀ ਐਮ, ਤਹਿਸੀਲਦਾਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸਾਫ਼ ਸੁਥਰਾ ਅਤੇ ਸ਼ੁੱਧ ਵਾਤਾਵਰਣ ਮਾਹੌਲ ਮਿਲ ਸਕੇ।
ਉਨਾਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਭਰਾ ਬੱਚਿਆਂ, ਬਜ਼ੁਰਗਾਂ, ਨੌਜਵਾਨਾਂ ਨੂੰ ਪਰਾਲੀ ਦੀ ਅੱਗ ਕਾਰਣ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਕਟਾਈ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲੱਗੇ ਜਿਸਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ ਜਿਸ ਤਹਿਤ ਜਾਗਰੂਕਤਾ ਵੈਨਾਂ ਸਮੇਤ ਕੈਂਪ ਲਗਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਸਕੂਲਾਂ ਵਿਚ ਪਰਾਲੀ ਸਾੜਨ ਨਾਲ ਹੋ ਰਹੇ ਵਾਤਾਵਰਣ ਦੇ ਨੁਕਸਾਨ ਬਾਰੇ ਵੀ ਦੱਸਿਆ ਜਾ ਰਿਹਾ ਹੈ, ਤਾਂ ਜੋ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਐਸਡੀਐੱਮ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਜਾਗਰੂਕਤਾ ਕੈਂਪ ਵਿੱਚ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਪੱਧਰ ਉੱਤੇ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਤਾਂ ਜੋ ਭਵਿੱਖ ਵਿੱਚ ਵਾਤਾਵਰਣ ਦੀ ਸ਼ੁੱਧਤਾ ਯਕੀਨੀ ਤੌਰ ਉੱਤੇ ਕਾਇਮ ਰੱਖੀ ਜਾ ਸਕੇ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ, ਐਸ ਡੀ ਐੱਮ ਅਮਰੀਕ ਸਿੰਘ, ਐਸ ਡੀ ਐਮ ਮਨੀਸ਼ਾ ਰਾਣਾ, ਐਸ ਪੀ ਰਾਜਪਾਲ ਸਿੰਘ ਹੁੰਦਲ, ਡੀ ਐਸ ਪੀ ਤਰਲੋਚਨ ਸਿੰਘ, ਐਕਸੀਐਨ ਪੰਜਾਬ ਪ੍ਰਦੂਸ਼ਣ ਬੋਰਡ ਕੰਵਲਦੀਪ ਕੌਰ, ਤਹਿਸੀਲਦਾਰ ਮਨੀਸ਼ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।