ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ 10 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ 10 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ
ਪੁਲਿਸ ਵਿਭਾਗ ਨੂੰ ਕਮਿਸ਼ਨ ਵਿਖੇ 8 ਮਾਮਲਿਆਂ ਦੀ ਰਿਪੋਰਟ 12 ਅਗਸਤ ਨੂੰ ਪੇਸ਼ ਕਰਨ ਦੇ ਹੁਕਮ
ਰੂਪਨਗਰ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਹਾਜ਼ਰੀ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਨਾਗਰਿਕਾਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਸੁਣੀਆਂ ਅਤੇ ਇਸ ਮੌਕੇ ਉਨ੍ਹਾਂ ਵਲੋਂ 10 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।
ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਮੀਟਿੰਗ ਵਿਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਮੰਗੀਆਂ ਗਈਆਂ ਰਿਪੋਰਟਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਭੇਜਿਆ ਜਾਵੇ ਤਾਂ ਜੋ ਪੀੜ੍ਹਤ ਦਰਖਾਸਤਕਰਤਾਵਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਕੇ ਨਿਰਧਾਰਿਤ ਸਮੇਂ ਵਿਚ ਇੰਨਸਾਫ ਦਵਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਮੀਟੰਗ ਵਿਚ ਹਾਜ਼ਰ ਸ਼ਿਕਾਇਤ ਕਰਤਾਵਾਂ ਨੂੰ ਬੜੇ ਧਿਆਨ ਨਾਲ ਇਕ-ਇਕ ਕਰਕੇ ਸੁਣਿਆ ਅਤੇ ਨਿਆਂ ਦੇਣ ਦਾ ਭਰੋਸਾ ਦਿੰਦੇ ਹੋਏ ਪੁਲਿਸ ਵਿਭਾਗ ਨੂੰ 12 ਅਗਸਤ ਨੂੰ 8 ਮਾਮਲਿਆਂ ਦੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ।
ਸ਼੍ਰੀ ਮੋਹੀ ਨੇ ਸੁਣਵਾਈ ਲਈ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜਿਥੇ ਕਮਿਸ਼ਨ ਵੱਲੋਂ ਸ਼ਿਕਾਇਤਕਰਤਾਵਾਂ ਨੂੰ ਮੌਕੇ ’ਤੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਜਾਂਦੀ ਹੈ ਉਥੇ ਹੀ ਵੱਖ ਵੱਖ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ।
ਸ਼੍ਰੀ ਮੋਹੀ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ 18 ਮਾਮਲਿਆਂ ਨੂੰ ਵਿਚਾਰਿਆ ਗਿਆ ਜਿਸ ਦੌਰਾਨ 10 ਮਾਮਲਿਆਂ ਦਾ ਹੱਲ ਮੌਕੇ ਉਤੇ ਕੀਤਾ ਗਿਆ ਅਤੇ ਬਾਕੀ 8 ਮਾਮਲਿਆਂ ਸਬੰਧੀ ਰਿਪੋਰਟ ਮਿਲਣ ਉਪਰੰਤ ਜਲਦ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਦਾ ਹੀ ਲੋੜਵੰਦ ਪੀੜ੍ਹਤਾਂ ਦੀ ਸੇਵਾ ਲਈ ਸਮਰਪਿਤ ਹੈ। ਅਨੁਸੂਚਿਤ ਜਾਤੀ ਨਾਲ ਸਬੰਧਿਤ ਦੇਸ਼ ਦੇ ਨਾਗਰਿਕ ਆਪਣੀਆਂ ਸ਼ਿਕਾਇਤਾਂ ਸਮਾਂ ਬੱਧ ਤਰੀਕੇ ਨਾਲ ਅਤੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਕਮਿਸ਼ਨ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਬਣਦਾ ਇਨਸਾਫ ਦਿਵਾਉਣ ਵਿਚ ਮਦਦ ਕੀਤੀ ਜਾ ਸਕੇ।
ਉਨ੍ਹਾਂ ਇਸ ਮੌਕੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਵਲੋਂ ਬਖਸ਼ੇ ਮਾਰਗ ਦਰਸ਼ਨ ਉਤੇ ਚਲਦੇ ਹੋਏ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ ਹੈ ਅਤੇ ਲੋੜ ਪੈਣ ਉਤੇ ਕਮਜ਼ੋਰ ਲੋਕਾਂ ਦੀ ਅੱਗੇ ਵੱਧ ਕੇ ਮੱਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐੱਸ.ਪੀ ਹੈਡਕਵਾਟਰ ਰਾਜਪਾਲ ਸਿੰਘ ਹੁੰਦਲ, ਐਸ.ਪੀ ਨਵਨੀਤ ਸਿੰਘ ਮਾਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫਸਰ ਸੁਖਪਾਲ ਸਿੰਘ, ਡੀਡੀਪੀਓ ਅਮਰਿੰਦਰਪਾਲ ਸਿੰਘ ਚੌਹਾਨ, ਡੀਐਸਪੀ ਹਰਪਿੰਦਰ ਕੌਰ ਗਿੱਲ, ਡੀ.ਐਸ.ਪੀ ਅਜੈ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਕਮਲਜੀਤ ਰਾਜੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।