ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਸਭ ਤੋਂ ਵੱਧ ਦੇ ਰਹੀ ਹੈ ਤਵੱਜੋ: ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਸਭ ਤੋਂ ਵੱਧ ਦੇ ਰਹੀ ਹੈ ਤਵੱਜੋ: ਡਿਪਟੀ ਕਮਿਸ਼ਨਰ
ਮਜ਼ਬੂਤ ਇਰਾਦਿਆਂ ਨਾਲ ਹਰ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ: ਹਿਮਾਂਸ਼ੂ ਜੈਨ
ਪਲੇਸਮੈਂਟ ਕੈਂਪ ਦੌਰਾਨ ਨੌਕਰੀ ਲੈਣ ਆਏ ਨੌਜਵਾਨਾਂ ਨੂੰ ਕੀਤਾ ਸੰਬੋਧਨ
ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਲਗਾਏ ਪਲੇਸਮੈਂਟ ਕੈਂਪ ‘ਚ 286 ਉਮੀਦਵਾਰਾਂ ਨੇ ਲਿਆ ਭਾਗ, 74 ਦੀ ਚੋਣ ਤੇ 18 ਨੂੰ ਕੀਤਾ ਸ਼ਾਰਟਲਿਸਟ
ਰੂਪਨਗਰ, 20 ਸਤੰਬਰ: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਲੈ ਕੇ ਚੱਲ ਰਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਨੌਜ਼ਵਾਨਾਂ ਦਾ ਮਾਰਗਦਰਸ਼ਨ ਕਰਦਿਆਂ ਕਿਹਾ ਕਿ ਮਜ਼ਬੂਤ ਇਰਾਦਿਆਂ ਅਤੇ ਸਹੀ ਦਿਸ਼ਾ ਵਿਚ ਕੀਤੀ ਮਿਹਨਤ ਨਾਲ ਹਰ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਨੌਜਵਾਨ ਹਰ ਦੇਸ਼ ਦੇ ਊਰਜਾ ਦੇ ਸਰੋਤ ਹੁੰਦੇ ਹਨ ਅਤੇ ਦੇਸ਼ ਦਾ ਵਿਕਾਸ ਨੌਜਵਾਨ ਪੀੜੀ ਦੀ ਕਾਬਲੀਅਤ ਅਤੇ ਤਜੁਰਬੇਕਾਰ ਸ਼ਖਸੀਅਤਾਂ ਦੇ ਮਾਰਗ ਦਰਸ਼ਨ ਉਤੇ ਨਿਰਭਰ ਕਰਦਾ ਹੈ ਅਤੇ ਇਹ ਡਿਊਟੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਾਖੂਬੀ ਢੰਗ ਨਾਲ ਨਿਭਾ ਰਿਹਾ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜ਼ਵਾਨਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦੇ ਰਹੀ ਹੈ ਅਤੇ ਇਸੇ ਤਰ੍ਹਾ ਹੀ ਯੋਗ ਉਮੀਦਵਾਰਾਂ ਨਿੱਜੀ ਖੇਤਰ ਵਿਚ ਨੌਕਰੀਆਂ ਦੇ ਮੌਕੇ ਉਪਲੱਬਧ ਕਰਵਾਉਣ ਲਈ ਹਰ ਹਫਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਵੱਲੋਂ ਕੈਂਪ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ, ਹੁਨਰ ਵਿਕਾਸ ਲਈ ਅਤੇ ਸਵੈ-ਰੋਜ਼ਗਾਰ ਅਪਣਾਉਣ ਲਈ ਹੋਰ ਵਧੇਰੇ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜ਼ਿਲ੍ਹੇ ਵਿੱਚ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਇਕ ਕੜੀ ਦਾ ਕੰਮ ਕਰ ਰਿਹਾ ਹੈ।
ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਲਗਾਏ ਇਸ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਵਿੱਚ ਕੁੱਲ 286 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਕੰਪਨੀ ਨੇ 74 ਉਮੀਦਵਾਰਾਂ ਦੀ ਚੋਣ ਕੀਤੀ ਤੇ 18 ਨੂੰ ਸ਼ਾਰਟਲਿਸਟ ਕੀਤਾ ਆ।
ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ, ਕੈਰੀਅਰ ਕਾਊਂਸਲਰ ਜਸਵੀਰ ਸਿੰਘ ਅਤੇ ਯੰਗ ਪ੍ਰੋਫੈਸ਼ਨਲ ਐਮ.ਸੀ.ਸੀ, ਰੂਪਨਗਰ ਮਿਸ ਕੰਚਨ ਪਾਂਡੇ ਵੱਲੋਂ ਮੇਲੇ ਵਿੱਚ ਭਾਗ ਲੈਣ ਬਾਰੇ ਨੌਜ਼ਵਾਨਾਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਆਪਣੇ ਆਪ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਆਪਣਾ ਨਾਮ ਰਜਿਸਟਰਡ ਕਰਨ ਤੇ ਰੋਜ਼ਗਾਰ ਸੰਬਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਨੌਜਵਾਨ 8557010066 ‘ਤੇ ਸੰਪਰਕ ਕਰਨ ਲਈ ਵੀ ਕਿਹਾ।