ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ, 5 ਨਮੂਨੇ ਲੈ ਕੇ ਜਾਂਚ ਲਈ ਭੇਜੇ

ਪ੍ਰਕਾਸ਼ਨ ਦੀ ਮਿਤੀ : 29/10/2026
Food safety team inspects various food outlets, takes 5 samples and sends them for testing

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ, 5 ਨਮੂਨੇ ਲੈ ਕੇ ਜਾਂਚ ਲਈ ਭੇਜੇ

ਰੂਪਨਗਰ, 29 ਅਕਤੂਬਰ: ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫਟੀ ਟੀਮ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ, ਜਿਨ੍ਹਾਂ ਵਿੱਚ ਕਰਿਆਨਾ ਸਟੋਰ ਵੀ ਸ਼ਾਮਲ ਹਨ, ਦੀ ਜਾਂਚ ਕੀਤੀ ਗਈ। ਇਸ ਦੌਰਾਨ ਦੁੱਧ, ਪਨੀਰ, ਸਰ੍ਹੋਂ ਦੇ ਤੇਲ ਅਤੇ ਦੇਸੀ ਘਿਓ ਸਮੇਤ ਕੁੱਲ 5 ਨਮੂਨੇ ਲੈ ਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜੇ ਗਏ।

ਜਾਂਚ ਮੁਹਿੰਮ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਅਤੇ ਨਿਰਧਾਰਤ ਭੋਜਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।

ਇਸ ਤੋਂ ਇਲਾਵਾ, ਮਠਿਆਈਆਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਮਠਿਆਈਆਂ ਸਾਫ਼-ਸੁਥਰੇ ਅਤੇ ਢੱਕੇ ਹੋਏ ਕਾਊਂਟਰਾਂ ਵਿੱਚ ਰੱਖਣ ਅਤੇ ਉਨ੍ਹਾਂ ਨੂੰ ਧੂੜ, ਮੱਖੀਆਂ ਤੇ ਹੋਰ ਗੰਦਗੀ ਤੋਂ ਬਚਾਉਣ ਲਈ ਕਿਹਾ ਗਿਆ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਇਆ ਜਾ ਸਕੇ।

ਇਸ ਮੌਕੇ ਕਮਿਸ਼ਨਰ ਫੂਡ ਸ. ਮਨਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੁੱਧ, ਪਨੀਰ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖਰੀਦਦੇ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਭਰੋਸੇਯੋਗ ਦੁਕਾਨਾਂ ਤੋਂ ਹੀ ਸਮਾਨ ਖਰੀਦਣ। ਉਨ੍ਹਾਂ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਕਾਰੋਬਾਰੀਆਂ ਨੂੰ ਵੀ ਭੋਜਨ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਫੂਡ ਸੇਫਟੀ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਮਿਆਰੀ ਭੋਜਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।