ਬਜ਼ੁਰਗਾਂ ਦੀ ਭਲਾਈ ਲਈ 14 ਅਕਤੂਬਰ ਨੂੰ ਪਿੰਡ ਦੜੋਲੀ ਲੋਅਰ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬਜ਼ੁਰਗਾਂ ਦੀ ਭਲਾਈ ਲਈ 14 ਅਕਤੂਬਰ ਨੂੰ ਪਿੰਡ ਦੜੋਲੀ ਲੋਅਰ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ
ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਰੂਪਨਗਰ, 8 ਅਕਤੂਬਰ: ਬਜ਼ੁਰਗ ਨਾਗਰਿਕਾਂ ਦੀ ਭਲਾਈ, ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਦੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ 14 ਅਕਤੂਬਰ 2026 ਨੂੰ ਪਿੰਡ ਦੜੋਲੀ ਲੋਅਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਕੈਂਪ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਿੰਨੀ ਸਕੱਤਰੇਤ, ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਲਗਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ ਦਾ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਵਿਭਾਗ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਮੀਟਿੰਗ ਦੌਰਾਨ ਡਾ. ਅਕਸ਼ਿਤਾ ਗੁਪਤਾ ਵੱਲੋਂ ਪ੍ਰੋਗਰਾਮ ਨੂੰ ਸੁਚਾਰੂ ਅਤੇ ਸਫ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਬਜ਼ੁਰਗ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਨੇ ਕੈਂਪ ਵਾਲੀ ਥਾਂ ’ਤੇ ਸਿਹਤ ਸੇਵਾਵਾਂ, ਬੈਠਣ, ਪੀਣ ਵਾਲੇ ਪਾਣੀ, ਸਫ਼ਾਈ, ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਮੈਡੀਕਲ ਕੈਂਪ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸੁਚਾਰੂ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।