ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲ ਰੂਪਨਗਰ ਵੱਲੋਂ ਸਫਾਈ ਅਭਿਆਨ ਨਿਰੰਤਰ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਕੌਂਸਲ ਰੂਪਨਗਰ ਵੱਲੋਂ ਸਫਾਈ ਅਭਿਆਨ ਨਿਰੰਤਰ ਜਾਰੀ
ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਸੜਕਾਂ ਤੇ ਕੂੜਾ ਨਾ ਸੁੱਟਣ ਦੀ ਕੀਤੀ ਅਪੀਲ
ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਸਾਫ-ਸੁਥਰਾ ਅਤੇ ਬਿਮਾਰੀ ਰਹਿਤ ਬਣਾਇਆ ਜਾ ਸਕਦਾ
ਰੂਪਨਗਰ, 02 ਜੁਲਾਈ: ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਨਗਰ ਕੌਂਸਲ ਰੂਪਨਗਰ ਵੱਲੋਂ ਸ਼ਹਿਰ ਵਿਚ ਵਿਸ਼ੇਸ਼ ਸਫਾਈ ਅਭਿਆਨ ਨਿਰੰਤਰ ਤੌਰ ‘ਤੇ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸ਼ਹਿਰ ਦੇ ਮੁੱਖ ਰਸਤੇ, ਰਿਹਾਇਸ਼ੀ ਇਲਾਕਿਆਂ, ਨਿਕਾਸੀ ਨਾਲਿਆਂ ਅਤੇ ਹਾਈਰਿਸਕ ਖੇਤਰਾਂ ਦੀ ਵਿਸ਼ੇਸ਼ ਤੌਰ ‘ਤੇ ਸਫਾਈ ਕੀਤੀ ਜਾ ਰਹੀ ਹੈ। ਭਾਰੀ ਬਾਰਿਸ਼ ਦੌਰਾਨ ਪਾਣੀ ਇਕੱਠਾ ਹੋਣ ਵਾਲੇ ਇਲਾਕਿਆਂ ਦੀ ਪਛਾਣ ਕਰਕੇ ਉਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਾਫੀ ਸਮੇਂ ਤੋਂ ਆ ਰਹੀਆਂ ਸਫਾਈ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਸ਼ੁਰੂ ਕਰਵਾ ਦਿੱਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਰੋਪੜ ਬਾਈਪਾਸ ਤੇ ਇਸ ਦੀਆਂ ਸਾਈਡਾ, ਸ਼ਹੀਦ ਭਗਤ ਸਿੰਘ ਚੌਂਕ, ਬੈਂਕ ਆਫ ਬੜੋਦਾ ਵਾਲਾ ਖੇਤਰ ਅਤੇ ਆਸ ਪਾਸ ਦੇ ਇਲਾਕੇ ਦੀ ਸਫਾਈ ਕਰਵਾਈ ਗਈ ਹੈ ਇਸ ਤੋਂ ਇਲਾਵਾ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਰੈਲੋਂ ਰੋਡ ਵਿਖੇ (ਨੇੜੇ ਸ਼ਨੀ ਮੰਦਰ) ਕੋਲ ਨਾਲਿਆਂ ਦੀ ਸਫਾਈ ਸ਼ੁਰੂ ਕਰਵਾਈ ਜਾ ਚੁੱਕੀ ਹੈ, ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਫਤਾਵਾਰੀ ਸ਼ਡਿਊਲ ਦੇ ਮੁਤਾਬਿਕ ਸ਼ਮਸ਼ਾਨਘਾਟ ਦੇ ਨਾਲ ਲੱਗਦੀਆਂ ਸਾਈਡਾਂ ਦੀ ਸਫਾਈ ਸ਼ੁਰੂ ਕਰਵਾ ਦਿੱਤੀ ਗਈ ਹੈੇ ਅਤੇ ਇਸ ਰੋਡ ਨੂੰ ਬਹੁਤ ਜਲਦ ਬਿਲਕੁਲ ਸਾਫ ਕਰ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਸ਼ੁਰੂ ਹੋ ਕੇ ਐਚ.ਐਮ.ਟੀ ਹੋਟਲ ਤੱਕ ਕੂੜੇ ਦੀ ਲਿਫਟਿੰਗ ਵੀ ਸ਼ੁਰੂ ਕਰਵਾਈ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਰੂਪਨਗਰ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕੂੜਾ ਕਰਕਟ ਸੜਕਾਂ ਤੇ ਬਿਲਕੁਲ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੂੜੇ ਨੂੰ ਸੁੱਟਣ ਦੇ ਨਾਲ ਨਾਲਿਆਂ ਵਿੱਚ ਪਾਣੀ ਰੁਕ ਜਾਂਦਾ ਹੈ ਅਤੇ ਪਾਣੀ ਦਾ ਨਿਕਾਸ ਨਹੀਂ ਹੋ ਪਾਉਂਦਾ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਫਾਈ ਰੱਖਣ, ਨਿਕਾਸੀ ਨਾਲੀਆਂ ਵਿੱਚ ਕੂੜਾ ਨਾ ਪਾਉਣ ਅਤੇ ਵਰਤੋਂ ਹੋਏ ਪਲਾਸਟਿਕ ਜਾਂ ਹੋਰ ਬੇਕਾਰ ਸਮਾਨ ਨੂੰ ਠੀਕ ਢੰਗ ਨਾਲ ਸੁੱਟਣ ਦੀ ਆਦਤ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ, ਸੁਥਰਾ ਅਤੇ ਬਿਮਾਰੀ ਰਹਿਤ ਬਣਾਇਆ ਜਾ ਸਕਦਾ ਹੈ।