ਬੰਦ ਕਰੋ

ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 18/08/2022
Bans use of 10 insecticides which were a constraint in the export of Basmati Rice

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

ਰੂਪਨਗਰ, 16 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਹਿਲਾਂ ਵੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ‘ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ ਤੇ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ।

ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।

ਉਪਰੋਕਤ ਕੀਟਨਾਸ਼ਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ‘ਤੇ ਪਾਬੰਦੀ ਲਗਾਉਣ ਦੀ ਸਰਕਾਰ ਨੂੰ ਅਪੀਲ ਕੀਤੀ ਸੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।