ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ
ਰੂਪਨਗਰ, 19 ਜੁਲਾਈ: ਜ਼ਿਲ੍ਹੇ ਵਿਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਫ਼ਸਰ ਰੂਪਨਗਰ ਰਵਿੰਦਰ ਸਿੰਘ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਸਪਤਾਲਾਂ ਵਿਚ ਜਾਂਚ ਕਰਵਾਉਣ ਲਈ ਆਉਂਦੇ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।
ਇਸ ਦੌਰਾਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਆਪਣੀਆਂ ਮੀਟਿੰਗਾਂ ਲਈ ਕੋਈ ਪੱਕਾ ਜਗਾ ਅਲਾਟ ਕਰਨ ਦੀ ਮੰਗ ਕੀਤੀ, ਜਿਸ ’ਤੇ ਸਮਾਜਿਕ ਸੁਰੱਖਿਆ ਅਫ਼ਸਰ ਨੇ ਇਸ ’ਤੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜਲਦ ਹੀ ਓਲਡ ਏਜ ਹੋਮ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਲਈ ਜਗਾ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪ ਏਜ ਇੰਡੀਆ ਤਹਿਤ ਹੈਲਪ ਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ, ਜਿਸ ਉੱਤੇ ਕੋਈ ਵੀ ਬਜ਼ੁਰਗ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਲਾਗੂ ਕੀਤੇ ਗਏ ‘ਦੀ ਮੇਂਟੀਨੈਂਸ ਐਂਡ ਵੈਲਫੇਅਰ ਪੈਰੇਂਟਸ ਅਤੇ ਸੀਨੀਅਰ ਸਿਟੀਜ਼ਿਨ ਐਕਟ, 2007’ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਉਨਾਂ ਦੀ ਭਲਾਈ ਲਈ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਨਗਰ ਕੌਂਸਲ ਰੂਪਨਗਰ ਤੋਂ ਜਵਾਹਰ ਸਾਗਰ, ਪੁਲਿਸ ਵਿਭਾਗ ਤੋਂ ਇੰਸਪੈਕਟਰ ਰਣਜੀਤ ਸਿੰਘ, ਸਿਹਤ ਵਿਭਾਗ ਤੋਂ ਡਾ. ਸਵਪਨਜੀਤ ਕੌਰ, ਐਲਡੀਐਮ ਦਫਤਰ ਤੋਂ ਵਿਪੁਲ ਸ਼ਰਮਾ, ਤੋਂ ਇਲਾਵਾ ਸੀਨੀਅਰ ਸਿਟੀਜ਼ਨ ਪੀ.ਬੀ.ਐਸ ਚੀਮਾ, ਕੇਹਰ ਸਿੰਘ, ਹਜ਼ੂਰਾ ਸਿੰਘ, ਹਰਬੰਸ ਸਿੰਘ, ਸੁਰੇਸ਼ ਚੰਦਰ, ਪਰਮਿੰਦਰ ਕੌਰ, ਦਲਬੀਰ ਕੌਰ ਚੀਮਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।