ਬੰਦ ਕਰੋ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ: ਸਿਹਤ ਮੰਤਰੀ

ਪ੍ਰਕਾਸ਼ਨ ਦੀ ਮਿਤੀ : 19/04/2025
Yudh Nashia Virudh campaign is yielding meaningful results: Health Minister

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰੂਪਨਗਰ ਵਿਖੇ ਮਰੀਜ਼ਾਂ ਦੀ ਸਹੂਲਤ ਲਈ 5 ਹੋਰ ਨਵੇਂ ਓਟ ਕਲੀਨਿਕ ਵੀ ਬਣਾਏ ਜਾ ਰਹੇ

ਰੂਪਨਗਰ, 19 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਨਸ਼ਾ ਪੀੜਤ ਦਾ ਮਿਆਰੀ ਇਲਾਜ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਵੀਰ ਸਿੰਘ, ਨੇ ਜਿਲਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਜ਼ਿਲ੍ਹਾ ਰੂਪਨਗਰ ਵਿਖੇ ਮਰੀਜ਼ਾਂ ਦੀ ਸਹੂਲਤ ਲਈ 5 ਹੋਰ ਨਵੇਂ ਓਟ ਕਲੀਨਿਕ ਵੀ ਬਣਾਏ ਜਾ ਰਹੇ ਹਨ ਤਾਂ ਜੋ ਨਸ਼ਾ ਛੱਡ ਕੇ ਇਲਾਜ ਕਰਾਉਣ ਲਈ ਅੱਗੇ ਆ ਰਹੇ ਨੌਜਵਾਨਾਂ ਨੂੰ ਦਵਾਈ ਲੈਣ ਲਈ ਦੂਰ ਦਰਾਡੇ ਇਲਾਕਿਆਂ ਵਿਚ ਨਾ ਜਾਣਾ ਪਵੇ ਅਤੇ ਉਹ ਆਪਣੇ ਰੋਜ਼ਾਨਾ ਦੇ ਕੰਮਕਾਜ ਵੀ ਕਰ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਮੁਹਈਆ ਕਰਵਾਉਣ ਉਪਰੰਤ ਕਿੱਤਾ ਮੁਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਪਿੰਡ ਵਿੱਚ ਸਿਹਤ ਵਿਭਾਗ ਦੀਆਂ 15 ਮੈਂਬਰਾਂ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬੇਹਤਰੀਨ ਢੰਗ ਨਾਲ ਚਲਾ ਰਹੀਆਂ ਜਿਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਇੰਜੈਕਸ਼ਨ ਦੇ ਆਦਿ ਨਸ਼ਾ ਪੀੜਤਾਂ ਨੂੰ ਐਚ.ਆਈ.ਵੀ ਤੇ ਹੈਪੇਟਾਈਟਸ ਤੋਂ ਬਚਾਉਣਾ ਸਾਡੀ ਸਰਕਾਰ ਪਹਿਲੀ ਤਵਜੋਂ ਹੈ ਉਨ੍ਹਾਂ ਦੇ ਇਲਾਜ ਲਈ ਲੋੜੀਂਦਾ ਉੱਚੇਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਜਿਸ ਤੇ ਛੇਤੀ ਹੀ ਅਮਲ ਸ਼ੁਰੂ ਹੋ ਜਾਵੇਗਾ।

ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ 21 ਅਪ੍ਰੈਲ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਲੋੜਵੰਦ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ।

ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ, ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ ਸਮੇਤ ਹੋਰ ਉੱਚ ਅਧਿਕਾਰੀ ਹਾਜ਼ਰ ਸਨ।