• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੋਪੜ ਹੈੱਡਵਰਕਸ ਦਾ ਕੀਤਾ ਦੌਰਾ

ਪ੍ਰਕਾਸ਼ਨ ਦੀ ਮਿਤੀ : 04/09/2025
Governor Gulab Chand Kataria visited Ropar Headworks

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੋਪੜ ਹੈੱਡਵਰਕਸ ਦਾ ਕੀਤਾ ਦੌਰਾ

ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਰੂਪਨਗਰ, 4 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਰੋਪੜ ਹੈੱਡਵਰਕਸ ਦਾ ਦੌਰਾ ਕੀਤਾ ਅਤੇ ਮੌਕੇ ‘ਤੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਕੈਨਾਲ ਰੈਸਟ ਹਾਊਸ ਵਿਖੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਰਾਜਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਪੀੜਤਾਂ ਤੱਕ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਹਾਇਤਾ ਪਹੁੰਚਾਈ ਜਾਵੇ। ਉਨ੍ਹਾਂ ਖਾਸ ਤੌਰ ’ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਲਈ ਯੋਜਨਾਬੱਧ ਤਰੀਕੇ ਨਾਲ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਪਾਣੀ, ਦਵਾਈਆਂ ਅਤੇ ਰਹਿਣ ਦੀਆਂ ਥਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਕਟਾਰੀਆ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਦੀ ਪੂਰੀ ਟੀਮ ਦਿਨ-ਰਾਤ ਬਚਾਅ ਅਤੇ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ, ਉਥੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰੀ ਟੀਮ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਜਾਨੀ ਨੁਕਸਾਨ ਨੂੰ ਕਾਫੀ ਹੱਦ ਤੱਕ ਟਾਲਿਆ ਗਿਆ। ਇਥੋਂ ਦੇ ਲੋਕਾਂ ਨੇ ਵੀ ਸਰਕਾਰ ਨਾਲ ਪੂਰਾ ਸਹਿਯੋਗ ਦਿੱਤਾ ਹੈ, ਜਿਸ ਲਈ ਉਹ ਸ਼ਲਾਘਾ ਦੇ ਹੱਕਦਾਰ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਡਰੇਨੇਜ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਕੇਂਦਰ ਦੇ ਪ੍ਰਤੀਨਿਧੀ ਹੋਣ ਦੇ ਨਾਤੇ, ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੇਜੇ ਗਏ ਮੁਆਵਜ਼ੇ ਦੇ ਪ੍ਰਸਤਾਵਾਂ ਨੂੰ ਭਾਰਤ ਸਰਕਾਰ ਕੋਲ ਲੈ ਕੇ ਉਨ੍ਹਾਂ ਦੀ ਪ੍ਰਵਾਨਗੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਲਾਂਕਣ ਤੋਂ ਬਾਅਦ ਹੀ ਅੰਤਿਮ ਅੰਕੜਾ ਸਾਹਮਣੇ ਆਵੇਗਾ।

ਰਾਜਪਾਲ ਨੇ ਕਿਹਾ ਕਿ ਇਸ ਹੜ੍ਹ ਨੇ ਸੂਬੇ ਭਰ ਵਿਚ ਗੰਭੀਰ ਸਥਿਤੀ ਪੈਦਾ ਕਰ ਦਿੱਤੀ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਕੈਂਪਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਦਿਨ-ਰਾਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਰਾਜਪਾਲ ਨੇ ਇਹ ਵੀ ਕਿਹਾ ਕਿ ਫਸਲਾਂ ਦੇ ਨੁਕਸਾਨ ਦੇ ਨਾਲ-ਨਾਲ, ਹੜ੍ਹਾਂ ਨਾਲ ਪ੍ਰਭਾਵਿਤ ਹੋਏ ਘਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਦੇਣ ਲਈ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵੀ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ, ਆਈਏਐਸ ਅੰਡਰ ਟ੍ਰੇਨਿੰਗ ਅਭਿਮੰਨਿਊ ਮਲਿਕ, ਐਸਪੀ ਚੰਦ ਸਿੰਘ, ਐਸਪੀ ਗੁਰਦੀਪ ਸਿੰਘ ਗੋਸਲ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।