ਰਿਜਨਲ ਟਰਾਂਸਪੋਰਟ ਵਿਭਾਗ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰਿਜਨਲ ਟਰਾਂਸਪੋਰਟ ਵਿਭਾਗ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ
ਆਰ ਟੀ ਓ ਵੱਲੋਂ 55 ਸਕੂਲੀ ਬੱਸਾਂ ਦੀ ਬਾਰੀਕੀ ਨਾਲ ਜਾਂਚ, 4 ਸਕੂਲ ਦੀਆਂ ਬੱਸਾਂ ਦੇ ਕੀਤੇ ਚਲਾਨ
ਮੋਰਿੰਡਾ, 17 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਗਠਿਤ ਟਾਸਕ ਫੋਰਸ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮੋਰਿੰਡਾ ਅਤੇ ਏਂਜਲ ਵਰਲਡ ਸਕੂਲ ਮੋਰਿੰਡਾ ਦੀਆਂ ਕੁੱਲ 55 ਸਕੂਲੀ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।
ਚੈਕਿੰਗ ਦੌਰਾਨ ਆਰ ਟੀ ਓ ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਸਕੂਲ ਜਾਂ ਵਾਹਨ ਸੰਚਾਲਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਖ਼ਿਲਾਫ਼ ਮੋਟਰ ਵਾਹਨ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਵਾਹਨ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਮਿਆਰਾਂ ਦੇ ਅਨੁਕੂਲ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸਕੂਲ ਬੱਸਾਂ ਵਿੱਚ ਸਕੂਲ ਬੱਸ ਦੀ ਸਪੱਸ਼ਟ ਨਿਸ਼ਾਨਦੇਹੀ, ਵੈਧ ਫਿਟਨੈੱਸ ਸਰਟੀਫਿਕੇਟ, ਫਸਟ ਏਡ ਬਾਕਸ, ਸੀ.ਸੀ.ਟੀ.ਵੀ. ਕੈਮਰੇ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ, ਐਮਰਜੈਂਸੀ ਐਗਜ਼ਿਟ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਲੋੜੀਂਦੇ ਪਰਮਿਟ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਡਰਾਈਵਰ ਕੋਲ ਵੈਧ ਐਚ.ਐਮ.ਵੀ. ਲਾਇਸੈਂਸ, ਘੱਟੋ-ਘੱਟ ਪੰਜ ਸਾਲ ਦਾ ਤਜਰਬਾ, ਪੁਲਿਸ ਵੈਰੀਫਿਕੇਸ਼ਨ ਅਤੇ ਮੈਡੀਕਲ ਫਿਟਨੈੱਸ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਬੱਸ ਵਿੱਚ ਮਹਿਲਾ ਅਟੈਂਡੈਂਟ ਦੀ ਤਾਇਨਾਤੀ ਲਾਜ਼ਮੀ ਹੈ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਬਾਲ ਸੁਰੱਖਿਆ ਅਫ਼ਸਰ ਕਰਮਪ੍ਰੀਤ ਸਿੰਘ, ਕਾਊਂਸਲਰ ਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਕਮਲਜੀਤ ਸਿੰਘ ਅਤੇ ਸਿਹਤ ਵਿਭਾਗ ਤੋਂ ਗੁਰਿੰਦਰ ਸਿੰਘ ਹਾਜ਼ਰ ਸਨ।