ਰੂਪਨਗਰ ਜ਼ਿਲ੍ਹੇ ‘ਚ ਨਸ਼ਾ ਮੁਕਤੀ ਯਾਤਰਾ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆਂ ਵਿਰੁੱਧ”
ਰੂਪਨਗਰ ਜ਼ਿਲ੍ਹੇ ‘ਚ ਨਸ਼ਾ ਮੁਕਤੀ ਯਾਤਰਾ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ
ਰੂਪਨਗਰ ਬਲਾਕ ਦੇ ਪਿੰਡ ਚੰਦਪੁਰ, ਮਲਕਪੁਰ ਤੇ ਢੱਕੀ ਤੋਂ ਹੋਵੇਗਾ ਆਗਾਜ਼
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹੋਵੇਗੀ ਪਿੰਡਾਂ ਤੱਕ ਪਹੁੰਚ
ਰੂਪਨਗਰ, 06 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਪਿੰਡਾਂ ਅਤੇ ਵਾਰਡਾਂ ਪੱਧਰ ਤੇ ਪਹੁੰਚਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਅੱਜ 7 ਮਈ ਤੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਬਲਾਕ ਦੇ ਪਿੰਡ ਚੰਦਪੁਰ ਵਿਖੇ ਸ਼ਾਮ ਨੂੰ 4 ਵਜੇ, ਮਲਕਪੁਰ ਵਿਖੇ 5 ਵਜੇ ਅਤੇ ਪਿੰਡ ਢੱਕੀ ਵਿਖੇ 6 ਵਜੇ ਇਸ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮੌਕੇ ਐਮ ਐਲ ਏ, ਐਸ ਡੀ ਐਮ, ਬੀ ਡੀ ਓ, ਐੱਸ ਐੱਚ ਓ ਸਮੇਤ ਹੋਰ ਅਧਿਕਾਰੀ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਣਗੇ।
ਇਸ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਸ਼ੁਰੂ ਹੋ ਕੇ ਹਰ ਇੱਕ ਬਲਾਕ ਦੇ 3 ਪਿੰਡਾਂ ਦਾ ਦੌਰਾ ਇੱਕ ਦਿਨ ਵਿੱਚ ਕਰੇਗੀ। ਉਨ੍ਹਾਂ ਦੱਸਿਆ ਕਿ ਜਦੋਂ ਇਹ ਯਾਤਰਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਆਯੋਜਿਤ ਕੀਤੀ ਜਾਵੇਗੀ ਤਾਂ ਗ੍ਰਾਮ ਪੰਚਾਇਤ ਵੱਲੋਂ ਗ੍ਰਾਮ ਸਭਾ ਆਯੋਜਿਤ ਕੀਤੀ ਜਾਵੇਗੀ ਅਤੇ ਹਾਜ਼ਰੀਨ ਨੂੰ ਸਹੁੰ ਚੁਕਾਈ ਜਾਵੇਗੀ।
ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਬਾਕੀ ਬਚੇ ਨਸ਼ਾ ਤਸਕਰਾਂ ਦੀ ਪਛਾਣ ਕੀਤੀ ਜਾਵੇਗੀ ਤਾਂ ਜੋ ਇਸ ਕੋਹੜ ਨੂੰ ਜੜ੍ਹੋਂ ਪੁੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸ ਯਾਤਰਾ ਤਹਿਤ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਹੀ ਇਲਾਜ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਤਹਿਤ ਪਿੰਡਾਂ ਵਿੱਚ ਕੀਤੀ ਜਾਣ ਵਾਲੀ ਇਸ ਮੀਟਿੰਗ ਵਿੱਚ ਪਿੰਡ ਸੁਰੱਖਿਆ ਕਮੇਟੀ, ਵਾਰਡ ਸੁਰੱਖਿਆ ਕਮੇਟੀ, ਸਰਪੰਚ, ਪੰਚਾਇਤ ਮੈਂਬਰ, ਨੰਬਰਦਾਰ, ਯੂਥ ਕਲੱਬਾਂ ਦੇ ਨੁਮਾਇੰਦੇ, ਮਹਿਲਾਂ ਮੰਡਲ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉੱਚ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਕਰਨ ਲਈ ਪਿੰਡ ਸੁਰੱਖਿਆ ਕਮੇਟੀ (ਪਿੰਡਾਂ ਦੇ ਪਹਿਰੇਦਾਰ) ਕਮੇਟੀ ਵੱਲੋਂ ਬਲਾਕ ਵਿਕਾਸ ਪੰਚਾਇਤ ਅਫਸਰ ਅਤੇ ਐੱਸਐੱਚਓਜ਼ ਦਾ ਸਹਿਯੋਗ ਕੀਤਾ ਜਾਵੇਗਾ।