ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ – ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ

ਪ੍ਰਕਾਸ਼ਨ ਦੀ ਮਿਤੀ : 17/11/2026
Providing prompt and time-bound solutions to the problems faced by the trading community is a priority for the District Administration – Assistant Commissioner (General) Ramandeep Kaur

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ – ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ

ਮਾਰਕੀਟਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਅਤੇ ਵਪਾਰੀਆਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼

ਰੂਪਨਗਰ, 17 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਦੀ ਅਗਵਾਈ ਹੇਠ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ, ਮਾਰਕੀਟਾਂ ਦੇ ਸੁਚੱਜੇ ਵਿਕਾਸ, ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਅਤੇ ਵਪਾਰੀ ਵਰਗ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਅਤੇ ਵਿਕਾਸ ਦੀ ਅਹਿਮ ਕੜੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਜਾਇਜ਼ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਤੁਰੰਤ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀ ਵਰਗ ਨਾਲ ਸਬੰਧਤ ਮਾਮਲਿਆਂ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਹਰੇਕ ਜਾਇਜ਼ ਸਮੱਸਿਆ ਦਾ ਢੁੱਕਵਾਂ ਹੱਲ ਕੱਢਣ ਲਈ ਜ਼ਿੰਮੇਵਾਰੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨਾਲ ਨਿਰੰਤਰ ਸੰਪਰਕ ਅਤੇ ਸੰਵਾਦ ਬਣਾਈ ਰੱਖਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀ ਭਲਾਈ ਅਤੇ ਮਾਰਕੀਟਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸੁਚੱਜੀ ਅਤੇ ਪਾਰਦਰਸ਼ੀ ਵਰਤੋਂ ਬਾਰੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਮਾਰਕੀਟਾਂ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਬਾਥਰੂਮਾਂ ਅਤੇ ਪਖਾਨਿਆਂ ਦੀ ਉਸਾਰੀ, ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ, ਆਵਾਜਾਈ ਦੀ ਵਿਵਸਥਾ ਸੁਚਾਰੂ ਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸਹਾਇਕ ਕਮਿਸ਼ਨਰ (ਜ) ਨੇ ਕਿਹਾ ਕਿ ਮਾਰਕੀਟਾਂ ਦਾ ਵਿਕਾਸ ਸਿਰਫ਼ ਵਪਾਰੀਆਂ ਦੀ ਸਹੂਲਤ ਤੱਕ ਸੀਮਤ ਨਹੀਂ, ਸਗੋਂ ਇਸ ਨਾਲ ਆਮ ਲੋਕਾਂ ਨੂੰ ਵੀ ਬਿਹਤਰ ਵਪਾਰਕ ਅਤੇ ਨਾਗਰਿਕ ਸਹੂਲਤਾਂ ਮਿਲਦੀਆਂ ਹਨ। ਇਸ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਮਾਰਕੀਟਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ।

ਉਨ੍ਹਾਂ ਵਪਾਰੀ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਰਕੀਟਾਂ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਸੁਵਿਧਾਜਨਕ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਆਪਣੇ ਸੁਝਾਵਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਇਸ ਮੌਕੇ ਐੱਸ.ਡੀ.ਐੱਮ. ਮੋਰਿੰਡਾ ਲਿੰਧਿਆ ਐਲ.ਐਨ., ਐੱਸ.ਡੀ.ਐੱਮ. ਨੰਗਲ ਸ਼ਿਵਾਂਸ਼ ਰਾਠੀ, ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਹਲਕਾ ਚੇਅਰਮੈਨ ਸ੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ ਅਤੇ ਹਲਕਾ ਚੇਅਰਮੈਨ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।