ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਸਮਾਂਬੱਧਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ – ਵਧੀਕ ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਸਮਾਂਬੱਧਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ – ਵਧੀਕ ਡਿਪਟੀ ਕਮਿਸ਼ਨਰ
ਐਮ.ਪੀ. ਲੈਡ, ਰੰਗਲਾ ਪੰਜਾਬ ਵਿਕਾਸ ਸਕੀਮ, ਸੋਲਿਡ ਵੇਸਟ ਮੈਨੇਜਮੈਂਟ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਜਾਇਜ਼ਾ
ਰੂਪਨਗਰ, 13 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਜਾਰੀ ਹਰੇਕ ਵਿਕਾਸ ਕਾਰਜ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਅਸਲ ਮਕਸਦ ਲੋਕਾਂ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੈ। ਇਸ ਲਈ ਕਿਸੇ ਵੀ ਵਿਕਾਸ ਕਾਰਜ ਵਿੱਚ ਬੇਲੋੜੀ ਦੇਰੀ, ਲਾਪਰਵਾਹੀ ਜਾਂ ਗੁਣਵੱਤਾ ਵਿੱਚ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ‘ਤੇ ਜਾ ਕੇ ਚੱਲ ਰਹੇ ਕੰਮਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਨਿਰਧਾਰਿਤ ਸਮੇਂ ਅੰਦਰ ਉਨ੍ਹਾਂ ਦੀ ਮੁਕੰਮਲਤਾ ਯਕੀਨੀ ਬਣਾਉਣ।
ਸਮੀਖਿਆ ਮੀਟਿੰਗ ਦੌਰਾਨ ਐਮ.ਪੀ. ਲੈਡ, ਰੰਗਲਾ ਪੰਜਾਬ ਵਿਕਾਸ ਸਕੀਮ, 15ਵੇਂ ਵਿੱਤ ਕਮਿਸ਼ਨ ਅਤੇ ਹੋਰ ਵਿਕਾਸ ਯੋਜਨਾਵਾਂ ਤਹਿਤ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਨ੍ਹਾਂ ਨੂੰ ਤੁਰੰਤ ਜਮ੍ਹਾਂ ਕਰਵਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਫੰਡਾਂ ਦੀ ਜਾਰੀ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਪਿੰਡਾਂ ਵਿੱਚ ਠੋਸ ਕੂੜਾ-ਕਰਕਟ ਦੇ ਵਿਗਿਆਨਕ ਨਿਪਟਾਰੇ ਲਈ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਪੇਂਡੂ ਵਾਤਾਵਰਨ ਸਿਰਜਣ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹਨ ਅਤੇ ਇਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ, ਓਪਨ ਜਿੰਮਨੇਜ਼ੀਅਮ ਸਥਾਪਤ ਕਰਨ, ਮਾਡਲ ਪੇਂਡੂ ਖੇਡ ਮੈਦਾਨਾਂ ਲਈ ਜਾਰੀ ਫੰਡਾਂ ਦੀ ਮੈਪਿੰਗ ਅਤੇ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਹੋਰ ਵਿਕਾਸ ਕਾਰਜਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਹੋਰ ਵਿਸਥਾਰ, ਨੌਜਵਾਨਾਂ ਲਈ ਖੇਡਾਂ ਦਾ ਮਜ਼ਬੂਤ ਬੁਨਿਆਦੀ ਢਾਂਚਾ ਅਤੇ ਸਵੱਛ ਵਾਤਾਵਰਨ ਦੀ ਸਿਰਜਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਹਰ ਯੋਜਨਾ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਲਾਜ਼ਮੀ ਹੈ।
ਚੰਦਰਜਯੋਤੀ ਸਿੰਘ ਨੇ ਰੰਗਲਾ ਪੰਜਾਬ ਵਿਕਾਸ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਅਤੇ ਵਰਤੋਂ ਸਰਟੀਫਿਕੇਟਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫੰਡਾਂ ਦੀ ਵਰਤੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਦਿਆਂ ਸਾਰੇ ਰਿਕਾਰਡ ਅਤੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਕੇਂਦਰਿਤ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਪ੍ਰਸ਼ਾਸਨ ਦੀ ਸਰਵੋਚ ਤਰਜੀਹ ਹੈ।
ਮੀਟਿੰਗ ਵਿੱਚ ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਸ੍ਰੀ ਚਮਕੌਰ ਸਾਹਿਬ/ਮੋਰਿੰਡਾ ਅਜੈਬ ਸਿੰਘ, ਬੀਡੀਪੀਓ ਨੰਗਲ ਮਨਜੀਤ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।