ਵਿਕਾਸ ਕੰਮਾਂ ‘ਚ ਲਾਪਰਵਾਹੀ ਬਰਦਾਸ਼ਤ ਨਹੀਂ, ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ- ਚੰਦਰਜਯੋਤੀ ਸਿੰਘ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਿਕਾਸ ਕੰਮਾਂ ‘ਚ ਲਾਪਰਵਾਹੀ ਬਰਦਾਸ਼ਤ ਨਹੀਂ, ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ- ਚੰਦਰਜਯੋਤੀ ਸਿੰਘ
ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੇ ਪੇਂਡੂ ਵਿਕਾਸ ਸਕੀਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਰੂਪਨਗਰ, 12 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਰੂਮ ਵਿਖੇ ਵੱਖ-ਵੱਖ ਵਿਕਾਸ ਕਾਰਜ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਮਗਨਰੇਗਾ, ਪੀ.ਐਸ.ਆਰ.ਐਲ.ਐਮ., ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), 15ਵੇਂ ਵਿੱਤ ਕਮਿਸ਼ਨ, ਐਮ.ਪੀ.ਲੈਂਡ ਸਕੀਮ, ਪੀ.ਐਮ.-ਏ.ਜੇ.ਏ.ਵਾਈ., ਰੰਗਲਾ ਪੰਜਾਬ ਮੁਹਿੰਮ, ਏ.ਸੀ.ਡੀ.ਸੀ ਬਿੱਲਜ਼, ਪਿੰਡ ਕਲੀਨਿਕ, ਸੋਲਿਡ ਵੇਸਟ ਮੈਨੇਜਮੈਂਟ ਅਤੇ ਜਲ ਸੰਚੇ-ਜਨ ਭਾਗੇਦਾਰੀ ਸਕੀਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਨੂੰ ਨਿਯਮਿਤ ਤੌਰ ‘ਤੇ ਮਾਨੀਟਰ ਕੀਤਾ ਜਾਵੇ ਅਤੇ ਜਿੱਥੇ ਵੀ ਕੋਈ ਰੁਕਾਵਟ ਜਾਂ ਦੇਰੀ ਆ ਰਹੀ ਹੋਵੇ, ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਲੋੜ ਅਨੁਸਾਰ ਕੰਮਾਂ ਦੀ ਯੋਜਨਾ ਤਿਆਰ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਇਸ ਤੋਂ ਇਲਾਵਾ ਪੀ.ਐਸ.ਆਰ.ਐਲ.ਐਮ. ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਪਹਿਲਾਂ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ ਬਣ ਰਹੇ ਘਰਾਂ ਦੀ ਵੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੇ ਘਰ ਸਮੇਂ ਸਿਰ ਪੂਰੇ ਕਰਵਾਏ ਜਾਣ। 15ਵੇਂ ਵਿੱਤ ਕਮਿਸ਼ਨ ਅਤੇ ਐਮ.ਪੀ.ਲੈਂਡ ਫੰਡ ਤਹਿਤ ਹੋ ਰਹੇ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਉੱਤੇ ਵੀ ਜ਼ੋਰ ਦਿੱਤਾ ਗਿਆ।
ਉਨ੍ਹਾਂ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਪਿੰਡਾਂ ਦੀ ਸਫ਼ਾਈ, ਸੋਹਣੇਪਣ ਅਤੇ ਵਾਤਾਵਰਣ ਸੰਭਾਲ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਪਿੰਡ ਕਲੀਨਿਕਾਂ ਦੀ ਕਾਰਗੁਜ਼ਾਰੀ, ਸੋਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟਾਂ ਅਤੇ ਜਲ ਸੰਚੇ-ਜਨ ਭਾਗੇਦਾਰੀ ਸਕੀਮਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਲਈ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲ ਸੰਭਾਲ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਜਨ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਯੋਜਨਾਵਾਂ ਦੀ ਕਾਰਗੁਜ਼ਾਰੀ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸੰਬੰਧਿਤ ਸਕੀਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਭਵਿੱਖ ਦੀ ਕਾਰਵਾਈ ਲਈ ਯੋਜਨਾ ਤਿਆਰ ਕੀਤੀ ਗਈ।
ਇਸ ਮੀਟਿੰਗ ਵਿੱਚ ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗਣੇਸ਼, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਬੀਡੀਪੀਓ ਮੋਰਿੰਡਾ ਹਰਕੀਰਤ ਸਿੰਘ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ, ਨੋਡਲ ਅਫ਼ਸਰ ਜਲ ਸੰਚੇ-ਜਨ ਭਾਗੇਦਾਰੀ ਪਰਮਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਤੋਂ ਕਰਮਚਾਰੀ ਹਾਜ਼ਰ ਸਨ।