ਵਿਸ਼ਵ ਨਿਮੋਨੀਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਦਾ ਕੀਤਾ ਆਯੋਜਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਿਸ਼ਵ ਨਿਮੋਨੀਆ ਦਿਵਸ ਮੌਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਦਾ ਕੀਤਾ ਆਯੋਜਨ
ਰੂਪਨਗਰ, 12 ਨਵੰਬਰ: ਵਿਸ਼ਵ ਨਿਮੋਨੀਆ ਦਿਵਸ ਦੇ ਮੌਕੇ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਕੀਤੀ। ਸਮਾਗਮ ਦੌਰਾਨ ਲੋਕਾਂ ਨੂੰ ਨਿਮੋਨੀਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਇਸ ਦੇ ਰੋਕਥਾਮ ਲਈ ਜ਼ਰੂਰੀ ਨੁਕਤਿਆਂ ‘ਤੇ ਚਰਚਾ ਕੀਤੀ ਗਈ।
ਡਾ. ਨਵਰੂਪ ਕੌਰ ਨੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਨਿਮੋਨੀਆ ਇੱਕ ਗੰਭੀਰ ਬਿਮਾਰੀ ਹੈ ਜੋ ਖ਼ਾਸ ਕਰਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਬਜ਼ੁਰਗਾਂ ਵਿੱਚ ਤੇਜ਼ੀ ਨਾਲ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਜੀਵਨ ਲਈ ਖ਼ਤਰਾ ਬਣ ਸਕਦਾ ਹੈ। ਨਿਮੋਨੀਆ ਸਾਹ ਲੈਣ ਵਿੱਚ ਦਿੱਕਤ ਪੈਦਾ ਕਰਦਾ ਹੈ ਅਤੇ ਬਹੁਤ ਵਾਰ ਇਹ ਬੈਕਟੀਰੀਆ, ਵਾਇਰਸ ਜਾਂ ਫੰਗਸ ਕਾਰਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਯੂਨੀਵਰਸਲ ਇਮੀਊਨਾਈਜ਼ੇਸ਼ਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਵਿਰੁੱਧ ਸੁਰੱਖਿਆ ਦੇਣ ਲਈ ਪੀਸੀਵੀ (ਨਿਊਮੋਕੋਕਲ ਕੰਜੂਗੇਟ ਵੈਕਸੀਨ) ਟੀਕਾ ਮੁਫ਼ਤ ਦਿੱਤਾ ਜਾਂਦਾ ਹੈ। ਇਸ ਟੀਕੇ ਨਾਲ ਬੱਚਿਆਂ ਵਿੱਚ ਨਿਮੋਨੀਆ ਦੇ ਕੇਸਾਂ ਵਿੱਚ ਕਾਫ਼ੀ ਕਮੀ ਆਈ ਹੈ।
ਡਾ. ਨਵਰੂਪ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਮੇਂ ਸਿਰ ਸਰਕਾਰੀ ਟੀਕਾਕਰਨ ਕੇਂਦਰਾਂ ‘ਤੇ ਲੈ ਜਾ ਕੇ ਸਾਰੇ ਟੀਕੇ ਲਗਵਾਉਣ ਯਕੀਨੀ ਬਣਾਉਣ।
ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਸਧਾਰਨ ਤੌਰ ‘ਤੇ ਨਿਮੋਨੀਆ ਦੇ ਲੱਛਣਾਂ ਵਿੱਚ ਤਾਪ, ਖੰਘ, ਛਾਤੀ ਵਿੱਚ ਦਰਦ, ਤੇਜ਼ ਸਾਹ ਆਉਣਾ ਅਤੇ ਥਕਾਵਟ ਸ਼ਾਮਲ ਹਨ। ਜੇਕਰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਵਾਤਾਵਰਣ, ਸੰਤੁਲਿਤ ਖੁਰਾਕ ਅਤੇ ਧੂੰਏ ਤੋਂ ਬਚਾਅ ਨਾਲ ਨਿਮੋਨੀਆ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਰਸੋਈ ਦਾ ਧੂੰਆ ਜਾਂ ਤੰਬਾਕੂ ਦਾ ਸੇਵਨ ਬੱਚਿਆਂ ਲਈ ਖ਼ਤਰਨਾਕ ਹੈ, ਇਸ ਲਈ ਘਰਾਂ ਦਾ ਹਵਾ-ਦਾਰ ਹੋਣਾ ਬਹੁਤ ਜ਼ਰੂਰੀ ਹੈ।
ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਨੇ ਸਮਾਗਮ ਦੇ ਅੰਤ ਵਿੱਚ ਕਿਹਾ ਕਿ ਵਿਸ਼ਵ ਨਿਮੋਨੀਆ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਇਹ ਸਮਝਾਉਣਾ ਹੈ ਕਿ ਨਿਮੋਨੀਆ ਰੋਕਿਆ ਜਾ ਸਕਦਾ ਹੈ, ਇਲਾਜਯੋਗ ਹੈ, ਪਰ ਇਸ ਲਈ ਜਾਗਰੂਕਤਾ ਸਭ ਤੋਂ ਪਹਿਲਾ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਿਮੋਨੀਆ ਦੇ ਮਾਮਲਿਆਂ ਨੂੰ ਘਟਾਉਣ ਲਈ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ ਅਤੇ ਐਨ.ਐਮ. ਤੇ ਆਸ਼ਾ ਵਰਕਰ ਇਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਇਸ ਮੌਕੇ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀ, ਜ਼ਿਲ੍ਹਾ ਸਮੂਹ ਸਿੱਖਿਆ ਸੂਚਨਾ ਅਫਸਰ ਮੈਡਮ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰੀਤੂ, ਐਲ ਐਚ ਵੀ ਰਜਿੰਦਰ ਕੌਰ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ, ਮਲਟੀ ਪਰਪਜ ਹੈਲਥ ਵਰਕਰ ਗੁਰਦੀਪ ਸਿੰਘ ਆਸ਼ਾ ਵਰਕਰ ਨੀਲਮ ਅਤੇ ਵੱਡੀ ਗਿਣਤੀ ਵਿੱਚ ਹਸਪਤਾਲ ਵਿੱਚ ਆਏ ਹੋਏ ਲੋਕ ਹਾਜ਼ਰ ਸਨ।