ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼ ਲੋੜਵੰਦ ਬੱਚਿਆਂ ਲਈ ਵਰਦਾਨ: ਡਿਪਟੀ ਕਮਿਸ਼ਨਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼ ਲੋੜਵੰਦ ਬੱਚਿਆਂ ਲਈ ਵਰਦਾਨ: ਡਿਪਟੀ ਕਮਿਸ਼ਨਰ
ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਬ੍ਰਿਜ ਕੋਰਸ ਕਰਵਾਉਣ ਉਪਰੰਤ ਸਕੂਲਾਂ ‘ਚ ਦਾਖਲ ਕਰਵਾਇਆ ਜਾਵੇਗਾ
• ਕਦੀ ਸਕੂਲ ਨਹੀਂ ਜਾਣ ਵਾਲੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ
• ਬੱਚਿਆਂ ਨੂੰ ਖੁਰਾਕ, ਕਿਤਾਬਾਂ ਤੇ ਸਟੇਸ਼ਨਰੀ ਦਾ ਸਮਾਨ ਜ਼ਿਲ੍ਹਾ ਬਾਲ ਭਲਾਈ ਯੂਨਿਟ ਵਲੋਂ ਮੁਹੱਈਆ ਕਰਵਾਇਆ ਜਾਵੇਗਾ
• ਬ੍ਰਿਜ ਕੋਰਸ ਵਿੱਚ ਹਿੱਸਾ ਲੈਣ ਲਈ 32 ਬੱਚੇ ਰਜਿਸਟਰ ਹੋਏ
ਰੂਪਨਗਰ, 13 ਦਸੰਬਰ: ਹਾਸ਼ੀਏ ਉੱਤੇ ਜੀਵਨ ਬਸਰ ਕਰ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਹਰ ਪੱਧਰ ਉੱਤੇ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ “ਵਿੱਦਿਆ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ਼” ਪ੍ਰੋਗਰਾਮ ਸ਼ੁਰੂ ਕੀਤਾ ਗਿਆ।
ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਿੱਦਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਕਲਾਸਾਂ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਹ ਪ੍ਰੋਗਰਾਮ ਲੋੜਵੰਦ ਬੱਚਿਆਂ ਲਈ ਇੱਕ ਵਰਦਾਨ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਹਾਸਲ ਕਰਨਾ ਹਰ ਬੱਚੇ ਦਾ ਅਧਿਕਾਰ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਪ੍ਰੋਗਰਾਮ ਨੂੰ ਪਿੰਡ ਬੜੀ ਹਵੇਲੀ ਦੇ ਝੁੱਗੀ-ਝੌਂਪੜੀ ਵਾਲੇ ਇਲਾਕੇ ਵਿੱਚ ਸ਼ੁਰੂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕਲਾਸਾਂ ਵਿੱਚ ਸਿੱਖਿਆ ਹਾਸਲ ਕਰਨ ਲਈ 32 ਬੱਚੇ ਰਜਿਸਟਰ ਹੋਏ ਹਨ ਜੋ ਕਿ ਮਾਪਿਆਂ ਵਲੋਂ ਆਪਣੇ ਬੱਚਿਆਂ ਲਈ ਹਾਂ-ਪੱਖੀ ਸੰਕੇਤ ਹੈ। ਇਸ ਮੌਕੇ ਹਾਜ਼ਰ ਬੱਚਿਆਂ ਦੇ ਮਾਪਿਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੇ ਬੱਚਿਆਂ ਨੂੰ ਪੜਾਉਣ ਲਈ ਆਧਿਆਪਕ ਵਲੋਂ ਕਲਾਸ ਸਾਡੇ ਘਰਾਂ ਨੇੜੇ ਹੀ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਹਾਸਲ ਕਰਨ ਲਈ ਅਤੇ ਨਿਰੰਤਰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ ਅਤੇ ਬੱਚਿਆਂ ਦੀਆਂ ਮਾਵਾਂ ਨੂੰ ਵੀ ਇਨ੍ਹਾਂ ਵਿਸ਼ੇਸ਼ ਕਲਾਸਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਬੱਚਿਆਂ ਨੂੰ ਖੁਰਾਕ, ਕਿਤਾਬਾਂ ਅਤੇ ਸਟੇਸ਼ਨਰੀ ਆਦਿ ਦਾ ਸਮਾਨ ਜ਼ਿਲ੍ਹਾ ਬਾਲ ਭਲਾਈ ਯੂਨਿਟ ਵਲੋਂ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਵਿੱਦਿਆ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ਼” ਦੁਆਰਾ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਬ੍ਰਿਜ ਕੋਰਸ ਕਰਵਾਇਆ ਜਾਵੇਗਾ, ਜਿਸ ਉਪਰੰਤ ਦੂਜੇ ਪੜਾਅ ਵਿੱਚ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜਿਹੜੇ ਲੋੜਵੰਦ ਬੱਚੇ ਪਰਿਵਾਰਕ ਕਾਰਨਾਂ ਕਰਕੇ ਕਦੀ ਸਕੂਲ ਨਹੀਂ ਜਾ ਸਕੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।