ਬੰਦ ਕਰੋ

ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ‘ਚ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 31/08/2022
Action will be taken against the officials who neglect the provisions related to the prevention of vector borne diseases: Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ‘ਚ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਡਿਪਟੀ ਕਮਿਸ਼ਨਰ

ਰੂਪਨਗਰ, 30 ਅਗਸਤ: ਡਾ. ਪ੍ਰੀਤੀ ਯਾਦਵ ਨੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ਉੱਤੇ ਯਕੀਨੀ ਕਰਨ ਲਈ ਰੱਖੀ ਗਈ ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮਾਂ ਵਲੋਂ ਕੋਈ ਅਣਗਿਹਲੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹੇ ਵਿੱਚ ਡੇਂਗੂ ਦੇ ਮਾਮਲਿਆਂ ਦੀ ਰੋਕਥਾਮ ਲਈ ਆਯੋਜਿਤ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਡੇਂਗੂ ਦੇ 67 ਮਾਮਲੇ ਸਾਹਮਣੇ ਆਏ ਹਨ ਜਦਕਿ ਇਹ ਗਿਣਤੀ ਪਿਛਲੇ ਸਾਲ ਨਾਲੋਂ ਕਾਫੀ ਵੱਧ ਹੈ ਜਿਸ ਲਈ ਇਹ ਅੱਤ ਜਰੂਰੀ ਹੈ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਲੋਂ ਸਮੂਹ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਦੇ ਸਬੰਧ ਵਿੱਚ ਹਦਾਇਤਾਂ ਜਾਰੀ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰ, ਜਿਲ੍ਹਾ ਰੂਪਨਗਰ, ਜਿਲ੍ਹਾ ਐਲੀਮੈਂਟਰੀ ਤੇ ਸੈਕੰਡਰੀ ਸਿਖਿਆ ਅਫਸਰ, ਰੂਪਨਗਰ, ਨਗਰ ਕੌਂਸਲ ਦੇ ਅਧਿਕਾਰੀਆਂ ਸੀ.ਡੀ.ਪੀ.ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀਆਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਦਿਨ ਵਿੱਚ ਦੋ ਵਾਰ ਫੌਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕਿਤੇ ਵੀ ਕੂੜਾ-ਕਰਕਟ ਦੇ ਢੇਰ ਇਕੱਠੇ ਨਾ ਹੋਣ ਦਿੱਤੇ ਜਾਣ ਅਤੇ ਛੁੱਟੀ ਵਾਲੇ ਦਿਨ ਵੀ ਕੂੜੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ਼ ਸਿਸਟਮ ਦੀਆਂ ਪਾਇਪਾਂ ਦੀ ਸਮੇਂ ਸਿਰ ਚੈਕਿੰਗ ਕੀਤੀ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ ਡੇਂਗੂ ਤੋਂ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ ਦੀ ਹਦਾਇਤ ਕੀਤੀ ਜਾਵੇ।

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਵੇ ਤੇ ਸਰਕਾਰੀ ਦਫਤਰਾਂ ਦੇ ਅਧਿਕਾਰੀ ਖਾਸ ਤੌਰ ਤੇ ਇਹ ਸੁਨਿਸ਼ਚਿਤ ਕਰਨ ਕਿ ਉਹ ਆਪਣੇ ਕਾਰਜ ਖੇਤਰ ਅਤੇ ਇਸਦੇ ਆਸ-ਪਾਸ ਕਿਤੇ ਵੀ ਡੇਂਗੂ ਦਾ ਮੱਛਰ ਪਲਣ ਲਈ ਪਾਣੀ ਖੜ੍ਹਾ ਨਾ ਹੋਣ ਦੇਣ।