ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ‘ਚ 100 ਫੀਸਦੀ ਗਣਨਾ ਫਾਰਮ ਦੀ ਹੋਈ ਵੰਡ – ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹੇ ਅੰਦਰ 696 ਬੀ.ਐੱਲ.ਓਜ਼ ਤੇ 71 ਸੁਪਰਵਾਈਜ਼ਰ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਆਪਣੀ ਡਿਊਟੀ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
ਰੂਪਨਗਰ, 29 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ, ਬੀਤੀ 25 ਜੂਨ ਤੋਂ ਆਰੰਭ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਰੂਪਨਗਰ ਵਿਖੇ 696 ਬੀ.ਐੱਲ.ਓਜ਼ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣ ਅਤੇ ਫਾਰਮ ਨੂੰ ਭਰਵਾਉਣ ਦੀ ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ ਅਤੇ ਜ਼ਿਲ੍ਹਾ ਰੂਪਨਗਰ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ 100 ਫੀਸਦੀ ਗਣਨਾ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਹੜੇ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ।
ਉਨ੍ਹਾਂ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਅਧਾਰ ਉੱਤੇ ਮੁਕੰਮਲ ਕਰਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਇਸ ਕਾਰਜ ਚ ਸਹਿਯੋਗ ਦੇਣ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ, ਆਪਣੀ ਵੋਟ ਬਣਵਾਉਣ ਤੋਂ ਅਧਿਕਾਰ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਲਈ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 ‘ਤੇ ਵੀ ਸੰਪਰਕ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬਾਲਗ ਵਿਅਕਤੀ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਵਿਅਕਤੀ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ।