ਬੰਦ ਕਰੋ

ਸਕੱਤਰ ਮੰਡੀ ਬੋਰਡ ਨੇ ਰੂਪਨਗਰ ਜ਼ਿਲ੍ਹੇ ਦੇ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 19/04/2021
picSecyMandiBoard16-04-2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 16 ਅਪ੍ਰੈਲ 2021

ਸਕੱਤਰ ਮੰਡੀ ਬੋਰਡ ਨੇ ਰੂਪਨਗਰ ਜ਼ਿਲ੍ਹੇ ਦੇ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

ਆਡ਼੍ਹਤੀਆਂ ਨੂੰ ਬਾਰਦਾਨੇ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ

ਰਾਜ ਦੀਆ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਕੱਤਰ ਪੰਜਾਬ ਮੰਡੀ ਬੋਰਡ ਅਤੇ ਡਾਇਰੈਕਟਰ ਫੂਡ ਐਂਡ ਸਿਵਲ ਸਪਲਾਈਜ਼ ਸ਼੍ਰੀ ਰਵੀ ਭਗਤ ਨੇ ਅੱਜ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਆਡ਼੍ਹਤੀਆਂ ਨਾਲ ਖ੍ਰੀਦ ਨਾਲ ਸਬੰਧਤ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਪੁੱਛਗਿੱਛ ਕੀਤੀ l

ਇਨ੍ਹਾਂ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਦਾ ਨਿਰੀਖਣ ਕਰਨ ਤੋਂ ਬਾਅਦ ਸ੍ਰੀ ਭਗਤ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਕਰਨਾ ਇਕ ਚੁਣੌਤੀ ਭਰਿਆ ਕੰਮ ਸੀ ਪਰ ਸਰਕਾਰ ਵੱਲੋਂ ਮੰਡੀਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੁਖਤਾ ਇੰਤਜ਼ਾਮ ਕੀਤੇ ਗਏ ਹਨ l ਉਨ੍ਹਾਂ ਕਿਹਾ ਕਿ ਸੀਤ ਸਾਵਧਾਨੀਆਂ ਵਰਤ ਕੇ ਅਸੀਂ ਪੰਜਾਬ ਵਿਚ 4000 ਤੋਂ ਵੱਧ ਥਾਵਾਂ ‘ਤੇ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਸ਼ੁਰੂ ਕਰਨ ਵਿਚ ਸਫਲ ਹੋਏ ਹਾਂ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿਚ ਹੁਣ ਤੱਕ 27507 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 27487 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ lਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹਫੜਾ ਦਫੜੀ ਤੋਂ ਬਚਣ ਲਈ ਪਿਛਲੇ ਸਾਲ ਦੌਰਾਨ ਪਾਸ ਪ੍ਰਣਾਲੀ ਲਾਗੂ ਕੀਤੀ ਗਈ ਸੀ ਜੋ ਹੁਣ ਤੱਕ ਸਫਲ ਸਾਬਤ ਹੋ ਰਹੀ ਹੈ। ਸ੍ਰੀ ਭਗਤ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਬਾਰਦਾਨੇ ਦੀ ਜਮ੍ਹਾਂਖੋਰੀ ਤੋਂ ਗੁਰੇਜ਼ ਕਰਨ, ਜੋ ਕਿ ਕਿਸਾਨਾਂ ਦੇ ਮਨਾਂ ਵਿਚ ਗਲਤ ਧਾਰਨਾ ਪੈਦਾ ਕਰ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੇ ਹਰ ਇੱਕ ਦਾਣੇ ਦੀ ਖਰੀਦ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਖਰੀਦ ਕਾਰਜ 30 ਮਈ ਤੱਕ ਜਾਰੀ ਰਹਿਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਸਮੇਂ ਸਿਰ ਆਪਣੀ ਫਸਲ ਲਿਆਉਣ ਦੇ ਯੋਗ ਬਣਾਇਆ ਜਾ ਸਕੇ।

ਸ੍ਰੀ ਭਗਤ ਨੇ ਇਹ ਵੀ ਦੱਸਿਆ ਕਿ ਜੇ ਕਿਸੇ ਵੀ ਹਿੱਸੇਦਾਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕਿਸੇ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਮੰਡੀ ਬੋਰਡ ਹੈਡਕੁਆਟਰ ਮੁਹਾਲੀ ਵਿਖੇ ਜਾ ਆਪਣੀਆਂ ਸਬੰਧਤ ਮਾਰਕੀਟ ਕਮੇਟੀਆਂ ਅਤੇ ਰਾਜ ਕੰਟਰੋਲ ਰੂਮ ਨਾਲ ਸੰਪਰਕ ਕਰਕੇ ਆਪਣੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਵਾ ਸਕਦੇ ਹਨ।