ਬੰਦ ਕਰੋ

ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਮੁਹੱਈਆ ਕਰਵਾਉਣਾ ਸਫਾਈ ਕਰਮਚਾਰੀ ਕਮਿਸ਼ਨ ਦੀ ਪਹਿਲੀ ਜਿੰਮੇਵਾਰੀ: ਸੁਰਿੰਦਰ ਕਲਿਆਣ

ਪ੍ਰਕਾਸ਼ਨ ਦੀ ਮਿਤੀ : 09/03/2026
Providing the rights of sanitation workers is the first responsibility of the Safai Karamcharis Commission: Surinder Kalyan

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਮੁਹੱਈਆ ਕਰਵਾਉਣਾ ਸਫਾਈ ਕਰਮਚਾਰੀ ਕਮਿਸ਼ਨ ਦੀ ਪਹਿਲੀ ਜਿੰਮੇਵਾਰੀ: ਸੁਰਿੰਦਰ ਕਲਿਆਣ

ਸਫਾਈ ਕਰਮਚਾਰੀਆਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਉੱਤੇ ਹੋਵੇਗੀ ਸਖ਼ਤ ਕਾਰਵਾਈ

ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਤੇ ਭੱਤੇ ਦੇਣੇ ਯਕੀਨੀ ਬਣਾਈ ਜਾਣ

ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ

ਵਾਈਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਨਾਲ ਕੀਤੀ ਮੀਟਿੰਗ

ਰੂਪਨਗਰ, 09 ਮਾਰਚ: ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸ਼੍ਰੀ ਸੁਰਿੰਦਰ ਕਲਿਆਣ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਮੁਹੱਈਆ ਕਰਵਾਉਣਾ ਸਫਾਈ ਕਰਮਚਾਰੀ ਕਮਿਸ਼ਨ ਦੀ ਪਹਿਲੀ ਜਿੰਮੇਵਾਰੀ ਹੈ ਜਿਸ ਲਈ ਸਫਾਈ ਕਰਮਚਾਰੀਆਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਉੱਤੇ ਕਮਿਸ਼ਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਸ਼੍ਰੀ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਅਤੇ ਭੱਤੇ ਦਿੱਤੇ ਜਾਣ।

ਵਾਈਸ ਚੇਅਰਮੈਨ ਸ਼੍ਰੀ ਸੁਰਿੰਦਰ ਕਲਿਆਣ ਨੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਿਹਤ ਸੰਬੰਧੀ ਮੈਡੀਕਲ ਕੈਂਪ ਲਗਾਏ ਜਾਣ ਤੇ ਇਨ੍ਹਾਂ ਦਾ ਸਮੇਂ ਸਮੇਂ ਸਿਰ ਚੈੱਕਅੱਪ ਜ਼ਰੂਰ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਥਾਂ ਤੇ ਇਨ੍ਹਾਂ ਮੁਲਾਜ਼ਮਾਂ ਦੀ ਡਿਊਟੀ ਲੱਗਦੀ ਹੈ ਤਾਂ ਇਨ੍ਹਾਂ ਦੇ ਟਰਾਂਸਪੋਰਟ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ।

ਉਨ੍ਹਾਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਲੋ ਮੈਨੂਅਲ ਸਫਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਮਿਸ਼ਨ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਕੰਮ ਸਫਾਈ ਕਰਮਚਾਰੀਆਂ ਦੇ ਹਿੱਤਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਏਗਾ ਅਤੇ ਜੇਕਰ ਕਿਸੇ ਵੀ ਸਫ਼ਾਈ ਕਰਮਚਾਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀ ਵਰਦੀ ਅਤੇ ਖ਼ੁਰਾਕ ਸੰਬੰਧੀ ਮਿਲਣ ਵਾਲੇ ਭੱਤੇ ਤੁਰੰਤ ਜਾਰੀ ਕੀਤੇ ਜਾਣ ਇਸ ਉਪਰੰਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੇ ਅਖੀਰ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਵਾਈਸ ਚੇਅਰਮੈਨ ਨੂੰ ਭਰੋਸਾ ਦਵਾਇਆ ਕਿ ਤੁਹਾਡੇ ਵਲੋ ਜੋ ਵੀ ਹਦਾਇਤਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿ਼ੰਨ ਪਾਲਣਾ ਕੀਤੀ ਜਾਵੇਗੀ।

ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਰੂਪਨਗਰ ਦੇ ਜਨਰਲ ਸਕੱਤਰ ਰਵੀ ਰਾਏ ਵੱਲੋਂ ਯੂਨੀਅਨ ਦੀਆਂ ਮੰਗਾਂ ਨੂੰ ਪੜ੍ਹ ਕੇ ਸੁਣਾਇਆ ਗਿਆ ਜਿਸ ਨੂੰ ਮੌਕੇ ਤੇ ਹੱਲ ਵੀ ਕੀਤਾ ਗਿਆ ਤੇ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਤਹਿਸੀਲਦਾਰ ਰੂਪਨਗਰ ਹਰਸਿਮਰਨ ਸਿੰਘ, ਡੀਐਸਪੀ ਕੁਲਭੂਸ਼ਣ, ਐਸਐੱਮਓ ਡਾ. ਅਮਰਜੀਤ, ਕਾਰਜ ਸਾਧਕ ਅਫ਼ਸਰ ਰੂਪਨਗਰ ਅਸ਼ੋਕ ਕੁਮਾਰ, ਕਾਰਜ ਸਾਧਕ ਅਫ਼ਸਰ ਸ੍ਰੀ ਚਮਕੌਰ ਸਾਹਿਬ ਗੁਰਬਖਸ਼ ਸਿੰਘ ਸੰਧੂ, ਕਾਰਜ ਸਾਧਕ ਅਫ਼ਸਰ ਮੋਰਿੰਡਾ ਰਵੀ ਜਿੰਦਲ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ, ਰੂਪਨਗਰ ਦੇ ਪ੍ਰਧਾਨ ਅਜੈ ਕੁਮਾਰ ਭੱਟੀ, ਕੀਰਤਪੁਰ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ, ਨੰਗਲ ਦੇ ਪ੍ਰਧਾਨ ਰੇਸ਼ਮਾ, ਮੋਰਿੰਡਾ ਦੇ ਪ੍ਰਧਾਨ ਰਾਮ ਪ੍ਰਸਾਦ, ਨੰਗਲ ਦੇ ਪ੍ਰਧਾਨ ਮੁਕੇਸ਼, ਸੈਕਟਰੀ ਨੰਗਲ ਰਾਜ ਕੁਮਾਰ, ਮਨਿੰਦਰ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਸਨ।