ਬੰਦ ਕਰੋ

ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਨਾਲ ਜੋੜਨ ‘ਤੇ ਦਿੱਤਾ ਜ਼ੋਰ

ਪ੍ਰਕਾਸ਼ਨ ਦੀ ਮਿਤੀ : 19/05/2026
Civil Surgeon Dr. Raman Gupta emphasized on connecting drug addicts with employment

ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਰੋਜ਼ਗਾਰ ਨਾਲ ਜੋੜਨ ‘ਤੇ ਦਿੱਤਾ ਜ਼ੋਰ

ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਆਸ਼ਾ ਫੈਸੀਲੀਟੇਟਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਰੂਪਨਗਰ, 19 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਆਸ਼ਾ ਫੈਸੀਲੀਟੇਟਰਾਂ ਦੀ ਟ੍ਰੇਨਿੰਗ ਸਿਵਲ ਸਰਜਨ ਦਫ਼ਤਰ ਰੂਪਨਗਰ ਦੇ ਟ੍ਰੇਨਿੰਗ ਸੈਂਟਰ ਵਿਖੇ ਕਰਵਾਈ ਗਈ।

ਇਸ ਟ੍ਰੇਨਿੰਗ ਦੌਰਾਨ ਮਾਨਸਿਕ ਸਿਹਤ, ਮਾਨਸਿਕ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ, ਕਾਉਂਸਲਿੰਗ, ਓਟ ਕਲੀਨਿਕ, ਨਸ਼ੀਲੇ ਪਦਾਰਥਾਂ ਤੋਂ ਬਚਾਅ, ਟੈਲੀ ਮਾਨਸ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਰੈਫਰ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਕਮਿਊਨਿਟੀ ਪੱਧਰ ‘ਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਇਹ ਟ੍ਰੇਨਿੰਗ ਮਾਨਸਿਕ ਰੋਗੀਆਂ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਮਾਜ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਲਾਭਦਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਮਰੀਜ਼ ਹੁੰਦਾ ਹੈ ਜਿਸਨੂੰ ਇਲਾਜ ਅਤੇ ਸਮਾਜਿਕ ਸਹਿਯੋਗ ਦੀ ਲੋੜ ਹੁੰਦੀ ਹੈ। ਜਦੋਂ ਕੋਈ ਵਿਅਕਤੀ ਡੀ-ਅਡੀਕਸ਼ਨ ਸੈਂਟਰ ਤੋਂ ਇਲਾਜ ਉਪਰੰਤ ਵਾਪਸ ਘਰ ਆਉਂਦਾ ਹੈ ਤਾਂ ਪਰਿਵਾਰ ਅਤੇ ਸਮਾਜ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਨਾਲ ਪਿਆਰ ਅਤੇ ਅਪਣੇਪਨ ਨਾਲ ਪੇਸ਼ ਆਉਣ ਤਾਂ ਜੋ ਉਹ ਦੁਬਾਰਾ ਨਸ਼ੇ ਦੀ ਦਲਦਲ ਵਿੱਚ ਨਾ ਫਸੇ।

ਡਾ. ਗੁਪਤਾ ਨੇ ਕਿਹਾ ਕਿ ਨਸ਼ਾ ਪੀੜਤ ਵਿਅਕਤੀ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨਾਲ ਭੇਦਭਾਵ, ਬਦਸਲੂਕੀ ਜਾਂ ਅਣਦੇਖੀ ਨਹੀਂ ਕੀਤੀ ਜਾਣੀ ਚਾਹੀਦੀ। ਸਾਨੂੰ ਸਾਰਿਆਂ ਨੂੰ ਮਿਲ ਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਰੋਜ਼ਗਾਰ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਵਿੱਚ ਇੱਜ਼ਤ ਨਾਲ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਸਿਵਲ ਸਰਜਨ ਵੱਲੋਂ ਕਿਹਾ ਗਿਆ ਕਿ ਸਿਹਤ ਵਿਭਾਗ ਰੂਪਨਗਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ ਅਤੇ ਨਸ਼ਾ ਮੁਕਤੀ ਕੇਂਦਰ ਸਫਲਤਾਪੂਰਵਕ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਰੋਜ਼ਾਨਾ ਮਾਨਸਿਕ ਰੋਗਾਂ ਸੰਬੰਧੀ ਓਪੀਡੀ ਸੇਵਾਵਾਂ ਚਲਾਈਆਂ ਜਾਂਦੀਆਂ ਹਨ ਜਿੱਥੇ ਮੁਫ਼ਤ ਜਾਂਚ ਅਤੇ ਦਵਾਈਆਂ ਉਪਲਬਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾਨਸਿਕ ਸਿਹਤ ਸਬੰਧੀ ਕਿਸੇ ਵੀ ਸਹਾਇਤਾ ਲਈ 24×7 ਟੈਲੀ ਮਾਨਸ ਹੈਲਪਲਾਈਨ 14416 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡੀਐਮਸੀ ਡਾ. ਉਰਮਿਲ ਗਰਗ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਕੰਵਰਵੀਰ ਸਿੰਘ ਗਿੱਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਰਵਿੰਦਰ ਸਿੰਘ, ਡੀ-ਅਡੀਕਸ਼ਨ ਕੌਂਸਲਰ ਹਰਪ੍ਰੀਤ ਕੌਰ, ਸੁਮੇਧਾ ਅਤੇ ਮਨੋਵਿਗਿਆਨੀ ਸੋਸ਼ਲ ਵਰਕਰ ਮੋਨਿਕਾ ਸੈਣੀ ਹਾਜ਼ਰ ਸਨ।