ਸਿਵਲ ਸਰਜਨ ਰੂਪਨਗਰ ਵੱਲੋਂ ਸ਼ਹੀਦੀ ਪੁਰਬ ਦੀਆ ਤਿਆਰੀਆਂ ਦੇ ਸੰਬੰਧ ‘ਚ ਬੀਬੀਐਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਿਵਲ ਸਰਜਨ ਰੂਪਨਗਰ ਵੱਲੋਂ ਸ਼ਹੀਦੀ ਪੁਰਬ ਦੀਆ ਤਿਆਰੀਆਂ ਦੇ ਸੰਬੰਧ ‘ਚ ਬੀਬੀਐਮਬੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਬ ਡਵੀਜ਼ਨਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਦਾ ਕੀਤਾ ਦੌਰਾ
ਰੂਪਨਗਰ, 16 ਅਕਤੂਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਦੇ ਮੌਕੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਿਹਤ ਵਿਭਾਗ ਰੂਪਨਗਰ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਬੀਬੀਐਮਬੀ ਹਸਪਤਾਲ ਵਿਖੇ ਪ੍ਰਿੰਸੀਪਲ ਮੈਡੀਕਲ ਅਫਸਰ ਡਾ. ਜੇ.ਪੀ. ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਸਿਹਤ ਸਹੂਲਤਾਂ ਪ੍ਰਬੰਧਾਂ ਅਤੇ ਸਮਾਗਮ ਦੌਰਾਨ ਸੈਲਾਨੀਆਂ, ਸੰਗਤਾਂ ਅਤੇ ਸ਼ਰਧਾਲੂਆਂ ਨੂੰ ਉਚਿਤ ਸੇਵਾਵਾਂ ਪ੍ਰਦਾਨ ਕਰਨ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਗਮ ਸਥਲ ਤੇ ਸਿਹਤ ਕੈਂਪ, ਐਂਬੂਲੈਂਸ ਸੇਵਾ, ਮੈਡੀਕਲ ਟੀਮਾਂ ਅਤੇ ਐਮਰਜੈਂਸੀ ਰਿਸਪਾਂਸ ਯੂਨਿਟਾਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਵੀ ਤਿਆਰ ਹਾਲਤ ਵਿੱਚ ਰੱਖਿਆ ਜਾਵੇਗਾ।
ਡਾ. ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਤੁਰੰਤ ਨਿਪਟਾਰਾ ਕਰਨ ਲਈ ਰੈਪੀਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ ਲਈ ਹੈਲਥ ਇੰਸਪੈਕਟਰਾਂ ਦੀਆਂ ਖਾਸ ਟੀਮਾਂ ਬਣਾਈਆਂ ਜਾਣਗੀਆਂ ਤਾਂ ਜੋ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਾ ਹੋਵੇ।
ਪ੍ਰਿੰਸੀਪਲ ਮੈਡੀਕਲ ਅਫਸਰ ਬੀ.ਬੀ.ਐਮ.ਬੀ. ਨੰਗਲ ਡਾ. ਜੇ.ਪੀ. ਸਿੰਘ ਨੇ ਕਿਹਾ ਕਿ ਬੀ.ਬੀ.ਐਮ.ਬੀ. ਹਸਪਤਾਲ ਦੇ ਡਾਕਟਰਾਂ ਅਤੇ ਪੈਰਾਮੈਡਿਕਲ ਸਟਾਫ਼ ਵੱਲੋਂ ਵੀ ਸਿਹਤ ਵਿਭਾਗ ਨਾਲ ਪੂਰਨ ਸਹਿਯੋਗ ਕਰਦੇ ਹੋਏ ਜਰੂਰਤ ਅਨੁਸਾਰ ਹਰ ਸਿਹਤ ਸੇਵਾ ਨਿਰਵਿਘਨ ਪ੍ਰਦਾਨ ਕੀਤੀ ਜਾਵੇਗੀ।
ਇਸ ਉਪਰੰਤ ਸਿਵਲ ਸਰਜਨ ਰੂਪਨਗਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਅਤੇ ਸਬ ਡਵੀਜ਼ਨਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਦਾ ਵੀ ਦੌਰਾ ਕੀਤਾ ਗਿਆ ਜਿਸ ਦੌਰਾਨ ਉਹਨਾਂ ਵੱਲੋਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਅਤੇ ਆਉਣ ਵਾਲੇ ਸਮਾਗਮਾਂ ਸਬੰਧੀ ਤਿਆਰੀਆਂ ਦੇ ਸੰਦਰਭ ਵਿੱਚ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ, ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਢੇਰ ਦਾ ਵੀ ਮੁਆਇਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਸਬ ਡਵੀਜ਼ਨਲ ਹਸਪਤਾਲ ਡਾ. ਈਸ਼ਾ ਵਰਮਾ, ਡਾ. ਸੁਰਿੰਦਰ ਕੌਰ, ਡਾ. ਰਣਬੀਰ ਸਿੰਘ ਅਤੇ ਸਟੈਨੋ ਹਰਜਿੰਦਰ ਸਿੰਘ ਹਾਜ਼ਰ ਸਨ।