ਬੰਦ ਕਰੋ

ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਪ੍ਰਕਾਸ਼ਨ ਦੀ ਮਿਤੀ : 12/09/2026
Good Samaritans who help road accident victims will receive legal protection – Deputy Commissioner Aditya Dachalwal

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਜ਼ਿਲ੍ਹਾ ਗੁੱਡ ਸਮੈਰੀਟਨ ਗ੍ਰੀਵੈਂਸ ਰੈਡਰੈੱਸਲ ਸੈੱਲ’ ਸਥਾਪਤ

ਸ਼ਿਕਾਇਤਾਂ ਦਾ ਤਿੰਨ ਕਾਰਜਕਾਰੀ ਦਿਨਾਂ ‘ਚ ਲਿਆ ਜਾਵੇਗਾ ਨੋਟਿਸ

ਰੂਪਨਗਰ, 12 ਸਤੰਬਰ: ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਦੀ ਸਮੇਂ ਸਿਰ ਮਦਦ ਕਰਕੇ ਉਨ੍ਹਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੁੱਡ ਸਮੈਰੀਟਨ (ਨੇਕ ਇਨਸਾਨਾਂ) ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪਰੇਸ਼ਾਨੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਤਹਿਤ ‘ਜ਼ਿਲ੍ਹਾ ਗੁੱਡ ਸਮੈਰੀਟਨ ਗ੍ਰੀਵੈਂਸ ਰੈਡਰੈੱਸਲ ਸੈੱਲ’ ਦੀ ਸਥਾਪਨਾ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤ ਦੀ ਮੁੱਢਲੀ ਸਹਾਇਤਾ ਕਰਕੇ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲਾ ਹਰ ਵਿਅਕਤੀ ਸਮਾਜ ਲਈ ਪ੍ਰੇਰਣਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਇਨਸਾਨਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਸੈੱਲ ਦਾ ਉਦੇਸ਼ ਗੁੱਡ ਸਮੈਰੀਟਨ ਵੱਲੋਂ ਦਰਪੇਸ਼ ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਾ ਹੈ, ਤਾਂ ਜੋ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਲੋਕ ਬਿਨਾਂ ਕਿਸੇ ਝਿਜਕ ਦੇ ਅੱਗੇ ਆ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫ਼ਸਰ ਰੂਪਨਗਰ ਨੂੰ ਇਸ ਸੈੱਲ ਦਾ ਜ਼ਿਲ੍ਹਾ ਨੋਡਲ ਅਫ਼ਸਰ ਨਾਮਜ਼ਦ ਕੀਤਾ ਗਿਆ ਹੈ। ਗੁੱਡ ਸਮੈਰੀਟਨ ਆਪਣੀਆਂ ਸ਼ਿਕਾਇਤਾਂ ਈ-ਮੇਲ acgr.ropar@punjab.gov.in ਰਾਹੀਂ ਦਰਜ ਕਰਵਾ ਸਕਦੇ ਹਨ ਜਾਂ ਟੈਲੀਫ਼ੋਨ ਨੰਬਰ 01881-221157 ’ਤੇ ਸੰਪਰਕ ਕਰ ਸਕਦੇ ਹਨ। ਪ੍ਰਾਪਤ ਹੋਣ ਵਾਲੀ ਹਰੇਕ ਸ਼ਿਕਾਇਤ ਨੂੰ ਇੱਕ ਰੈਫ਼ਰੈਂਸ ਨੰਬਰ ਜਾਰੀ ਕੀਤਾ ਜਾਵੇਗਾ ਅਤੇ ਤਿੰਨ ਕਾਰਜਕਾਰੀ ਦਿਨਾਂ ਦੇ ਅੰਦਰ ਸ਼ਿਕਾਇਤ ਦੀ ਪ੍ਰਾਪਤੀ ਦੀ ਪੁਸ਼ਟੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਨਾਲ ਸਨਮਾਨਪੂਰਵਕ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪੁੱਛਗਿੱਛ, ਪਰੇਸ਼ਾਨੀ ਜਾਂ ਤੰਗ-ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਭਰੋਸਾ ਪੈਦਾ ਕਰਨਾ ਜ਼ਰੂਰੀ ਹੈ ਕਿ ਹਾਦਸੇ ਸਮੇਂ ਕਿਸੇ ਦੀ ਮਦਦ ਕਰਨ ’ਤੇ ਉਨ੍ਹਾਂ ਨੂੰ ਬੇਲੋੜੀਆਂ ਕਾਨੂੰਨੀ ਜਾਂ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹ-ਵੀਰ (ਗੁੱਡ ਸਮੈਰੀਟਨ) ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੇ ਯੋਗ ਰਾਹ-ਵੀਰ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 25,000 ਰੁਪਏ ਦੀ ਨਗਦ ਪ੍ਰੋਤਸਾਹਨ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਰਾਹ-ਵੀਰ ਯੋਜਨਾ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਜ਼ਿਲ੍ਹਾ ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ, ਤਾਂ ਜੋ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਮਿਲਣ ਦੇ ਨਾਲ-ਨਾਲ ਮਦਦ ਕਰਨ ਵਾਲੇ ਨਾਗਰਿਕਾਂ ਦੇ ਹੱਕਾਂ ਦੀ ਵੀ ਪੂਰੀ ਰੱਖਿਆ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੜਕ ਹਾਦਸੇ ਸਮੇਂ ਜ਼ਖ਼ਮੀ ਵਿਅਕਤੀ ਦੀ ਜਾਨ ਬਚਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਡਾਕਟਰੀ ਸਹਾਇਤਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਇੱਕ ਸਹੀ ਸਮੇਂ ’ਤੇ ਚੁੱਕਿਆ ਕਦਮ ਕਿਸੇ ਦੀ ਕੀਮਤੀ ਜਾਨ ਬਚਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਮਨੁੱਖਤਾ ਦੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।