ਬੰਦ ਕਰੋ

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸਿਹਤ ਵਿਭਾਗ ਵੱਲੋਂ 287 ਘਰਾਂ ਦਾ ਸਰਵੇ, 860 ਕੰਨਟੇਨਰ ਕੀਤੇ ਚੈੱਕ

ਪ੍ਰਕਾਸ਼ਨ ਦੀ ਮਿਤੀ : 10/07/2026
Under

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਸਿਹਤ ਵਿਭਾਗ ਵੱਲੋਂ 287 ਘਰਾਂ ਦਾ ਸਰਵੇ, 860 ਕੰਨਟੇਨਰ ਕੀਤੇ ਚੈੱਕ

ਰੂਪਨਗਰ, 10 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੂਪਨਗਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜੁਝਾਰ ਸਿੰਘ ਨਗਰ, ਡੀਏਵੀ ਰੋਡ, ਬੜੀ ਹਵੇਲੀ, ਦਸ਼ਮੇਸ਼ ਕਲੋਨੀ, ਗੁਰੂ ਨਗਰ, ਨਾਨਕਪੁਰਾ ਸਮੇਤ ਹੋਰ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ। ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਮੁਹਿੰਮ ਤਹਿਤ 287 ਘਰਾਂ ਦਾ ਸਰਵੇ ਕੀਤਾ ਗਿਆ ਅਤੇ 860 ਕੰਨਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 2 ਕੰਨਟੇਨਰਾਂ ਵਿੱਚ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੈਂਫਲਟ ਵੰਡੇ ਗਏ, ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਅਤੇ ਲੋੜ ਅਨੁਸਾਰ ਐਂਟੀ-ਲਾਰਵਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ।

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰ, ਗਮਲੇ, ਟਾਇਰ, ਪਾਣੀ ਦੀਆਂ ਟੈਂਕੀਆਂ, ਫਰਿੱਜ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ। ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ ਜਾਂ ਡੇਂਗੂ ਦੇ ਹੋਰ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਅਤੇ ਇਲਾਜ ਕਰਵਾਇਆ ਜਾਵੇ।

ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਨੇ ਦੱਸਿਆ ਕਿ ਦਸਤਕ ਅਭਿਆਨ ਦਾ ਉਦੇਸ਼ ਡੇਂਗੂ ਸਮੇਤ ਮੌਸਮੀ ਅਤੇ ਮੱਛਰ-ਜਨਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਡੇਂਗੂ ਅਤੇ ਹੋਰ ਛੂਤ ਦੀਆਂ ਬਿਮਾਰੀਆਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ।

ਇਸ ਮੌਕੇ ਸਿਹਤ ਸੁਪਰਵਾਈਜ਼ਰ ਲਖਵੀਰ ਸਿੰਘ, ਰਣਜੀਤ ਸਿੰਘ, ਆਸ਼ਾ ਵਰਕਰ, ਏ.ਐੱਨ.ਐੱਮ. ਅਤੇ ਨਗਰ ਕੌਂਸਲ ਦੀਆਂ ਟੀਮਾਂ ਨੇ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਈ।