ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਗਈਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ: ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਗਈਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ: ਡਿਪਟੀ ਕਮਿਸ਼ਨਰ
ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਰ ਵਿਭਾਗ ਆਪਸੀ ਤਾਲਮੇਲ, ਚੌਕਸੀ ਤੇ ਤੁਰੰਤ ਕਾਰਵਾਈ ਯਕੀਨੀ ਬਣਾਵੇ
ਰੂਪਨਗਰ, 17 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੜ੍ਹਾਂ ਦੀ ਰੋਕਥਾਮ, ਬਚਾਅ ਅਤੇ ਰਾਹਤ ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਸਮੂਹ ਸਬੰਧਤ ਵਿਭਾਗਾਂ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਗਈਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ ਕਾਰਜ ਸਾਬਿਤ ਹੁੰਦਾ ਹੈ ਜਿਸ ਲਈ ਸਾਰੇ ਅਧਿਕਾਰੀ ਆਪਣੇ ਵਿਭਾਗੀ ਕਾਰਗੁਜ਼ਾਰੀ ਵਿੱਚ ਕੋਈ ਕਮੀ ਨਾ ਰੱਖਣ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮਾਨਸੂਨ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਲਈ ਹਰ ਵਿਭਾਗ ਨੂੰ ਪੂਰੀ ਜ਼ਿੰਮੇਵਾਰੀ, ਆਪਸੀ ਤਾਲਮੇਲ ਅਤੇ ਚੌਕਸੀ ਨਾਲ ਆਪਣੀਆਂ ਡਿਊਟੀਆਂ ਨਿਭਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਸਾਰੇ ਵਿਭਾਗ ਹਰ ਸਮੇਂ ਤਿਆਰ ਰਹਿਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਪਿੰਡਾਂ ਅਤੇ ਨੀਵੇਂ ਇਲਾਕਿਆਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਮੂਹ ਸਬ-ਡਿਵੀਜ਼ਨਲ ਮੈਜਿਸਟਰੇਟਾਂ ਨੂੰ ਅਜਿਹੇ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰਨ, ਸਥਿਤੀ ਦਾ ਨਿਯਮਤ ਮੁਲਾਂਕਣ ਕਰਨ ਅਤੇ ਲੋੜ ਪੈਣ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਸੰਵੇਦਨਸ਼ੀਲ ਸਥਾਨ ਲਈ ਪਹਿਲਾਂ ਤੋਂ ਹੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਰੱਖੀ ਜਾਵੇ।
ਉਨ੍ਹਾਂ ਜਲ ਸਰੋਤ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਤੋਂ ਦਰਿਆਵਾਂ ਦੇ ਬੰਨ੍ਹਾਂ ਦੀ ਮਜ਼ਬੂਤੀ, ਮੁਰੰਮਤ ਅਤੇ ਸੁਰੱਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ, ਨਾਲ ਹੀ ਨਿਕਾਸੀ ਨਾਲਿਆਂ ਦੀ ਸਫ਼ਾਈ ਅਤੇ ਡੀ-ਸਿਲਟਿੰਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕੰਮ ਬਾਕੀ ਹੈ, ਉਸ ਨੂੰ ਬਿਨਾਂ ਦੇਰੀ ਮੁਕੰਮਲ ਕੀਤਾ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
ਮੀਟਿੰਗ ਵਿੱਚ ਐਨ.ਡੀ.ਆਰ.ਐੱਫ., 16 ਸਿੱਖ ਬਟਾਲੀਅਨ, ਸਿਵਲ ਪ੍ਰਸ਼ਾਸਨ ਅਤੇ ਹੋਰ ਸਬੰਧਤ ਏਜੰਸੀਆਂ ਵਿਚਾਲੇ ਆਪਸੀ ਤਾਲਮੇਲ ਅਤੇ ਸੰਚਾਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਫ਼ਤ ਦੇ ਸਮੇਂ ਸਾਰੀਆਂ ਏਜੰਸੀਆਂ ਵਿਚਕਾਰ ਤੇਜ਼ ਅਤੇ ਪ੍ਰਭਾਵਸ਼ਾਲੀ ਤਾਲਮੇਲ ਹੀ ਬਚਾਅ ਕਾਰਜਾਂ ਦੀ ਸਫ਼ਲਤਾ ਦੀ ਕੁੰਜੀ ਹੈ।
ਉਨ੍ਹਾਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਰੇ ਉਪਕਰਨਾਂ ਦੀ ਉਪਲਬਧਤਾ ਅਤੇ ਕਾਰਜਸ਼ੀਲ ਹਾਲਤ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਸ਼ਤੀਆਂ, ਲਾਈਫ ਜੈਕਟਾਂ, ਰੇਤ ਦੀਆਂ ਬੋਰੀਆਂ, ਆਊਟਬੋਰਡ ਮੋਟਰਾਂ (ਓ.ਬੀ.ਐੱਮ.) ਅਤੇ ਹੋਰ ਰਾਹਤ ਸਮੱਗਰੀ ਦੀ ਪਹਿਲਾਂ ਤੋਂ ਹੀ ਪੂਰੀ ਵਿਵਸਥਾ ਕਰਨ ਅਤੇ ਸਮੇਂ-ਸਮੇਂ ‘ਤੇ ਇਨ੍ਹਾਂ ਦੀ ਜਾਂਚ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਤਿਆਰ ਕੀਤੀ ਜਾ ਰਹੀ ਨਿਕਾਸੀ ਯੋਜਨਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਲਈ ਸੁਰੱਖਿਅਤ ਇਮਾਰਤਾਂ ਅਤੇ ਢੁੱਕਵੇਂ ਸਥਾਨ ਪਹਿਲਾਂ ਹੀ ਪਛਾਣ ਕਰ ਲਏ ਜਾਣ ਅਤੇ ਉੱਥੇ ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸੇਵਾਵਾਂ, ਭੋਜਨ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ 24×7 ਫਲੱਡ ਕੰਟਰੋਲ ਰੂਮ ਸਥਾਪਤ ਕਰਨ, ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ਰੋਸਟਰ ਤਿਆਰ ਕਰਨ ਅਤੇ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕੰਟਰੋਲ ਰੂਮ ਹਰ ਸਮੇਂ ਪੂਰੀ ਤਰ੍ਹਾਂ ਸਰਗਰਮ ਰਹਿਣ ਅਤੇ ਹਰ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਿਰਫ਼ ਸਰਕਾਰੀ ਮਸ਼ੀਨਰੀ ਹੀ ਨਹੀਂ, ਸਗੋਂ ਸਾਰੇ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ, ਸਮੇਂ ਸਿਰ ਫ਼ੈਸਲੇ ਅਤੇ ਤੇਜ਼ ਕਾਰਵਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਲਗਾਤਾਰ ਨਿਗਰਾਨੀ ਰੱਖਣ, ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਬਿਨਾਂ ਦੇਰੀ ਕਾਰਵਾਈ ਕਰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਪਹਿਲ ਦੇਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਚੇਤਨ ਬੰਗੜ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫਸਰ ਜਸਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸ ਐਸ ਭੁੱਲਰ, ਐਕਸੀਅਨ ਕੈਨਾਲ ਦਮਨਦੀਪ ਸਿੰਘ, 16 ਸਿੱਖ ਬਟਾਲੀਅਨ ਤੋਂ ਮੇਜਰ ਸੰਜੀਤ ਸ਼ਰਮਾ, ਕੈਪਟਨ ਸਚਿਵ ਧਵਖਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।