ਬੰਦ ਕਰੋ

20 ਤੋਂ 25 ਜੁਲਾਈ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਮੀਜ਼ਲਜ਼-ਰੂਬੇਲਾ ਕੈਚ-ਅੱਪ ਮੁਹਿੰਮ ਸ਼ੁਰੂ – ਡਾ. ਰਮਨ ਕੁਮਾਰ ਗੁਪਤਾ

ਪ੍ਰਕਾਸ਼ਨ ਦੀ ਮਿਤੀ : 20/07/2026
Measles-Rubella Catch-up Campaign Started in District Rupnagar from 20th to 25th July - Dr. Raman Kumar Gupta

20 ਤੋਂ 25 ਜੁਲਾਈ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਮੀਜ਼ਲਜ਼-ਰੂਬੇਲਾ ਕੈਚ-ਅੱਪ ਮੁਹਿੰਮ ਸ਼ੁਰੂ – ਡਾ. ਰਮਨ ਕੁਮਾਰ ਗੁਪਤਾ

ਰੂਪਨਗਰ, 20 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 20 ਜੁਲਾਈ ਤੋਂ 25 ਜੁਲਾਈ ਤੱਕ ਚਲਾਈ ਜਾ ਰਹੀ ਮੀਜ਼ਲਜ਼-ਰੂਬੇਲਾ (ਐੱਮ.ਆਰ.) ਕੈਚ-ਅੱਪ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸਮੂਹ ਪ੍ਰੋਗਰਾਮ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ਦੇ ਸਾਰੇ ਸਿਹਤ ਅਧਿਕਾਰੀ, ਬਲਾਕ ਮੈਡੀਕਲ ਅਫ਼ਸਰਾਂ ਅਤੇ ਹੋਰ ਸਬੰਧਿਤ ਸਟਾਫ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਮੀਜ਼ਲਜ਼ ਅਤੇ ਰੂਬੇਲਾ ਵਰਗੀਆਂ ਬਿਮਾਰੀਆਂ ਬੱਚਿਆਂ ਲਈ ਗੰਭੀਰ ਸਿਹਤ ਖ਼ਤਰਾ ਬਣ ਸਕਦੀਆਂ ਹਨ। ਇਨ੍ਹਾਂ ਕਾਰਨ ਨਾ ਸਿਰਫ਼ ਬੱਚਿਆਂ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ, ਸਗੋਂ ਕਈ ਵਾਰ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਕੈਚ-ਅੱਪ ਮੁਹਿੰਮ ਬੱਚਿਆਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਸਾਰੇ ਯੋਗ ਬੱਚਿਆਂ ਨੂੰ ਟੀਕਾਕਰਨ ਦੇ ਘੇਰੇ ਵਿੱਚ ਲਿਆਉਣਾ ਹੈ।

ਡਾ. ਗੁਪਤਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਲਈ ਮਾਈਕ੍ਰੋ-ਪਲਾਨਿੰਗ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਆਂਗਣਵਾੜੀ ਕੇਂਦਰਾਂ ਸਮੇਤ ਹੋਰ ਸਮੂਹਿਕ ਥਾਵਾਂ ‘ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ, ਤਾਂ ਜੋ ਵੱਧ ਤੋਂ ਵੱਧ ਬੱਚਿਆਂ ਤੱਕ ਪਹੁੰਚ ਬਣਾਈ ਜਾ ਸਕੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਕਿਹਾ ਕਿ ‘ਮੀਜ਼ਲਜ਼-ਰੂਬੇਲਾ ਕੈਚ-ਅੱਪ ਰਾਊਂਡਜ਼’ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਯੋਗ ਬੱਚਿਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਵਿਸ਼ੇਸ਼ ਤੌਰ ‘ਤੇ ਉੱਚ ਜੋਖਮ ਵਾਲੇ ਖੇਤਰਾਂ, ਜਿਵੇਂ ਕਿ ਦੂਰ-ਦਰਾਜ਼ ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ, ਇੱਟਾਂ ਦੇ ਭੱਠਿਆਂ, ਨਿਰਮਾਣ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।

ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ, ਮਾਪਿਆਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੇ ਟੀਕਾਕਰਨ ਕਾਰਡ ਦੀ ਜਾਂਚ ਕਰਨ ਅਤੇ ਜੇਕਰ 9 ਮਹੀਨੇ ਤੋਂ 2 ਸਾਲ ਤੱਕ ਦੇ ਕਿਸੇ ਵੀ ਬੱਚੇ ਦੀ ਮੀਜ਼ਲਜ਼-ਰੂਬੇਲਾ ਟੀਕੇ ਦੀ ਕੋਈ ਖੁਰਾਕ ਰਹਿ ਗਈ ਹੈ ਤਾਂ 20 ਤੋਂ 25 ਜੁਲਾਈ ਦਰਮਿਆਨ ਆਪਣੇ ਨਜ਼ਦੀਕੀ ਸਿਹਤ ਕੇਂਦਰ ਜਾਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚ ਕੇ ਇਹ ਟੀਕਾ, ਜੋ ਕਿ ਪੂਰੀ ਤਰ੍ਹਾਂ ਮੁਫ਼ਤ ਲਗਾਇਆ ਜਾ ਰਿਹਾ ਹੈ, ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਤੰਦਰੁਸਤ ਬੱਚੇ ਹੀ ਤੰਦਰੁਸਤ ਸਮਾਜ ਦੀ ਮਜ਼ਬੂਤ ਨੀਂਹ ਹੁੰਦੇ ਹਨ।