21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਰੂਪਨਗਰ, 17 ਜੂਨ: 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਇਸ ਮੌਕੇ ਉਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਡਾ. ਅਕਸ਼ਿਤਾ ਗੁਪਤਾ ਨੇ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ, ਟੈਂਟ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਹਾ ਕਿ ਸੰਬੰਧਤ ਅਧਿਕਾਰੀ ਸਮੇਂ ਸਿਰ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧ ਯਕੀਨੀ ਬਣਾਉਣ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਜੀਤ ਸੈਣੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਸਿਹਤ ਵਿਭਾਗ ਤੋਂ ਡਾ. ਨਵਰੂਪ ਕੌਰ, ਆਯੂਰਵੈਦਿਕ ਮੈਡੀਕਲ ਅਫਸਰ ਡਾ. ਰਾਹੁਲ ਸ਼ਰਮਾ, ਆਯੂਰਵੈਦਿਕ ਮੈਡੀਕਲ ਅਫਸਰ ਡਾ. ਵਰਿੰਦਰ ਮੋਹਨ, ਸਰਕਾਰੀ ਕਾਲਜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪ੍ਰੋ. ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।