ਬੰਦ ਕਰੋ

22 ਤੋਂ 30 ਅਪ੍ਰੈਲ ਤੱਕ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਮੁਲਤਵੀ

ਪ੍ਰਕਾਸ਼ਨ ਦੀ ਮਿਤੀ : 20/04/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 20 ਅਪ੍ਰੈਲ 2021

22 ਤੋਂ 30 ਅਪ੍ਰੈਲ ਤੱਕ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਮੁਲਤਵੀ

ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 22 ਤੋਂ 30 ਅਪ੍ਰੈਲ ਤੱਕ ਸੱਤਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਸੀ। ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜਾਣਕਾਰੀ ਦਿੱਤੀ ਕਿ ਇਹ ਮੇਲੇ ਕਰੋਨਾ ਮਹਾਂਮਾਰੀ ਦੇ ਵਧਦੇ ਫੈਲਾਅ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ 45 ਦਿਨਾਂ ਬਾਅਦ ਫੈਂਸਲਾ ਲਿਆ ਜਾਵੇਗਾ ।

ਵਧੀਕ ਡਿਪਟੀ ਕਮਿਸ਼ਨਰ ਦਿਨੇਸ਼ ਵਸ਼ਿਸ਼ਟ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਦੇਖਦੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਦਾ ਧਿਆਨ ਰੱਖਿਆ ਜਾਵੇ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇ, ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ, ਸਮੇਂ ਸਮੇਂ ਤੇ ਹੱਥਾਂ ਨੂੰ ਸੈਨੀਟਾਈਜ਼ ਕੀਤਾ ਜਾਵੇ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇ।

ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਨੌਜਵਾਨwww.pgrkam.com ਤੇ ਰਜਿਸਟਰ ਕਰਨ ਅਤੇ ਆਪਣੀ ਪ੍ਰੋਫਾਈਲ ਅਪਡੇਟ ਕਰਨ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਪ ਨੂੰ ਯੋਗਤਾ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਅਸਾਮੀਆਂ ਬਾਰੇ ਸੂਚਿਤ ਕੀਤਾ ਜਾਵੇਗਾ। ਰਮਨਦੀਪ ਕੌਰ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਟਾਊਨ ਰੋਜ਼ਗਾਰ ਦਫ਼ਤਰ, ਨੰਗਲ ਵਿਭਾਗ ਦੇ ਪੁਨਰਗਠਨ ਉਪਰੰਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਲਈ ਹੁਣ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ ਰੁਜ਼ਗਾਰ ਸਹਾਇਤਾ ਲਈ ਸਰਕਾਰ ਵੱਲੋਂ ਜਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਕੰਪਲੈਕਸ,ਰੂਪਨਗਰ ਵਿਖੇ ਪਹੁੰਚ ਕਰਕੇ, ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਵਾਂ ਜਿਵੇਂ ਕਿ ਗਾਈਡੈਂਸ, ਪਲੇਸਮੈਂਟ,ਹੁਨਰ ਵਿਕਾਸ , ਸਿਖਲਾਈ, ਸਵੈ-ਰੋਜ਼ਗਾਰ ਅਤੇ ਮੁਫ਼ਤ ਇੰਟਰਨੈਟ ਆਦਿ ਦਾ ਲਾਭ ਉਠਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕੀਤਾ ਜਾ ਸਕਦਾ ਹੈ।