30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ – ਡਾ. ਪੁਨੀਤ ਸੈਣੀ

30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ – ਡਾ. ਪੁਨੀਤ ਸੈਣੀ
ਰੂਪਨਗਰ, 20 ਮਈ: ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਆਪਣਾ ਘਰ (ਜੋ ਕਿ ਬਜ਼ੁਰਗਾਂ ਦਾ ਘਰ ਰੂਪਨਗਰ ਵਿਖੇ ਹੈ) ਸਿਵਲ ਹਸਪਤਾਲ ਦੀ ਟੀਮ, ਮਾਸ ਮੀਡੀਆ ਵਿੰਗ ਅਤੇ ਇਨ ਰਵੀਲ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਹਾਈਪਰਟੈਂਸ਼ਨ ਮਹੀਨੇ ਦੇ ਸਬੰਧ ਵਿੱਚ ਇੱਕ ਮੈਡੀਕਲ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਐਮ.ਡੀ ਮੈਡੀਸਨ ਡਾ. ਪੁਨੀਤ ਸੈਣੀ ਵੱਲੋਂ ਉੱਥੇ ਮਰੀਜ਼ਾਂ ਦਾ ਚੈੱਕ ਵੀ ਕੀਤਾ ਗਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਹਾਈਪਰਟੈਂਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਦਾ ਵੀ ਕਾਰਨ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਜੋ ਹਾਈਪਰਟੈਂਸ਼ਨ ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਜਿਆਦਾਤਰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਦਿਖਾਈ ਨਹੀਂ ਦਿੰਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ।
ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਸੇਵਨ ਰੂਟੀਨ ‘ਚ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਵਧੇਰੇ ਕਸਰਤ ਕਰਨੀ ਚਾਹੀਦੀ ਹੈ ਅਤੇ ਆਪਣੇ ਖਾਣ-ਪੀਣ ‘ਤੇ ਧਿਆਨ ਕੇਂਦ੍ਰਤ ਕਰਨਾ ਚਾਹੀਦਾ ਹੈ। ਵਧੇਰੇ ਤੇਲ, ਮਸਾਲੇਦਾਰ ਭੋਜਨ ਅਤੇ ਵਧੇਰੇ ਨਮਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸ਼ਰਾਬ, ਬੀੜੀ-ਸਿਗਰੇਟ ਨਹੀਂ ਪੀਣੀ ਚਾਹੀਦੀ। ਤਣਾਅ ਰਹਿਤ ਰਹਿਣ ਲਈ, ਵਿਅਕਤੀ ਨੂੰ ਧਿਆਨ ਅਤੇ ਯੋਗਾ ਕਰਨਾ ਚਾਹੀਦਾ ਹੈ। ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਐਨ.ਸੀ.ਡੀ. ਪ੍ਰੋਗਰਾਮ ਤਹਿਤ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਲੱਡ ਪ੍ਰੈਸ਼ਰ ਤੋਂ ਇਲਾਵਾ ਸ਼ੂਗਰ, ਤਿੰਨ ਤਰ੍ਹਾਂ ਦੇ ਕੈਂਸਰਾਂ ਦੀ ਜਾਂਚ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਇਸ ਮੌਕੇ ਰਾਜ ਰਾਣੀ, ਗੁਰਮੀਤ ਕੌਰ ਮਾਸ ਮੀਡੀਆ ਅਫਸਰ, ਰਵਿੰਦਰ ਸਿੰਘ, ਰਿਤੂ ਡਿਪਟੀ ਮਾਸ ਮੀਡੀਆ ਅਫ਼ਸਰ, ਹਰਪ੍ਰੀਤ ਕੌਰ ਸਟਾਫ ਨਰਸ, ਰਜਿੰਦਰ ਸਿੰਘ ਸੈਣੀ ਪ੍ਰੈਜੀਡੈਂਟ ਆਪਣਾ ਘਰ, ਬਲਬੀਰ ਸਿੰਘ ਸੈਣੀ ਅਤੇ ਹੋਰ ਬਜ਼ੁਰਗ ਪਤਵੰਤੇ ਸੱਜਣ ਹਾਜ਼ਰ ਸਨ।