ਬੰਦ ਕਰੋ

ਖੇਡਾਂ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼ ਅੱਜ

ਪ੍ਰਕਾਸ਼ਨ ਦੀ ਮਿਤੀ : 27/09/2026
District level competitions of Sports Homeland Punjab-2026 begin today

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਖੇਡਾਂ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼ ਅੱਜ

ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਵੇਗਾ ਸ਼ਾਨਦਾਰ ਉਦਘਾਟਨੀ ਸਮਾਰੋਹ

ਰੂਪਨਗਰ, 27 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਅੱਜ 28 ਸਤੰਬਰ 2026 ਨੂੰ ਸਥਾਨਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸਫ਼ਲਤਾ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਵਿਸਥਾਰਪੂਰਵਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਦੌਰਾਨ ਖੇਡ ਵਿਭਾਗ ਵੱਲੋਂ ਗੱਤਕਾ ਪ੍ਰਦਰਸ਼ਨ ਵੀ ਪੇਸ਼ ਕੀਤਾ ਜਾਵੇਗਾ, ਜੋ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਚੋਣਵੇਂ ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਅਥਲੈਟਿਕਸ, ਕਬੱਡੀ, ਵਾਲੀਬਾਲ, ਫੁੱਟਬਾਲ, ਖੋ-ਖੋ, ਹਾਕੀ ਸਮੇਤ ਕੁੱਲ 29 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਇਨ੍ਹਾਂ ਵਿੱਚ ਅੰਡਰ-14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਵਰਗ ਤੱਕ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ 28 ਸਤੰਬਰ 2026 ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਥਲੈਟਿਕਸ, ਫੁੱਟਬਾਲ, ਖੋ-ਖੋ ਅਤੇ ਅੰਡਰ-14, 17 ਤੇ 21 ਲੜਕੇ-ਲੜਕੀਆਂ ਦੇ ਤੈਰਾਕੀ ਮੁਕਾਬਲੇ ਕਰਵਾਏ ਜਾਣਗੇ। ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਖੇ ਵਾਲੀਬਾਲ, ਸਮੈਸ਼ਿੰਗ ਅਤੇ ਅੰਡਰ-14, 17 ਤੇ 21 ਲੜਕੇ-ਲੜਕੀਆਂ ਦੇ ਸ਼ਤਰੰਜ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਗਾਂਧੀ ਸਕੂਲ ਵਿਖੇ ਅੰਡਰ-14, 17 ਤੇ 21 ਲੜਕੇ-ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਵਿਖੇ ਅੰਡਰ-14 ਤੇ 17 ਲੜਕੇ-ਲੜਕੀਆਂ ਦੇ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਮੁਕਾਬਲੇ ਅਤੇ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਅੰਡਰ-14 ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਬਾਹਰੋਂ ਆਉਣ ਵਾਲੇ ਖਿਡਾਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ, ਸਾਫ਼ ਪੀਣ ਵਾਲਾ ਪਾਣੀ, ਮੈਡੀਕਲ ਟੀਮਾਂ ਅਤੇ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਖੇਡ ਮੈਦਾਨਾਂ ਵਿੱਚ ਸੁਰੱਖਿਆ ਅਤੇ ਸਫ਼ਾਈ ਦੇ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਇੱਕ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।

ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਖੇਡ ਵਿਭਾਗ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਖੇਡਾਂ ਦੇ ਇਸ ਮਹਾਂਉਤਸਵ ਦਾ ਹਿੱਸਾ ਬਣਨ।

ਸ. ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਕਿੱਕ ਬਾਕਸਿੰਗ ਦੇ ਮੁਕਾਬਲੇ 30 ਸਤੰਬਰ 2026 ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਵਧੇਰੇ ਜਾਣਕਾਰੀ ਲਈ ਸ੍ਰੀ ਨਰੇਸ਼ ਰਾਜੋਰੀਆਂ, ਨੋਡਲ ਅਫ਼ਸਰ, ਮੋਬਾਈਲ ਨੰਬਰ 93162-01636 ’ਤੇ ਸੰਪਰਕ ਕੀਤਾ ਜਾ ਸਕਦਾ ਹੈ।