Close

People will get health services related to newborn care in Aam Aadmi clinics near their homes – Civil Surgeon

Publish Date : 05/05/2026
People will get health services related to newborn care in Aam Aadmi clinics near their homes - Civil Surgeon

ਲੋਕਾਂ ਨੂੰ ਘਰ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ‘ਚ ਮਿਲੇਗੀ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸਿਹਤ ਸੇਵਾਵਾਂ – ਸਿਵਲ ਸਰਜਨ

ਨਵ-ਜਨਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ ਸਿਖਲਾਈ

ਰੂਪਨਗਰ, 05 ਮਈ: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਦਿਆਂ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸੇਵਾ ਵਿੱਚ ਵਾਧਾ ਕੀਤਾ ਹੈ । ਇਸ ਤਹਿਤ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਟ੍ਰੇਨਿੰਗ ਸ਼ੈਟਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਸ ਟ੍ਰੇਨਿੰਗ ਦਾ ਵਿਸ਼ਾ “ਨਵਜਨਮੇ ਬੱਚਿਆਂ ਦੀ ਦੇਖਭਾਲ (ਨਿਊ ਬੋਰਨ ਕੇਅਰ)” ਸੀ, ਜਿਸਦਾ ਮੰਤਵ ਲੋਕਾਂ ਤੱਕ ਘਰ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ਵਿੱਚ ਨਵਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸਿਹਤ ਸੇਵਾਵਾਂ ਨੂੰ ਪਹੁੰਚਾਉਣਾ ਹੈ।

ਟ੍ਰੇਨਿੰਗ ਸੈਸ਼ਨ ਦੌਰਾਨ ਸਿਵਲ ਸਰਜਨ ਡਾ. ਰਮਨ ਗੁਪਤਾ ਵੱਲੋਂ ਮੈਡੀਕਲ ਅਫ਼ਸਰਾਂ ਨੂੰ ਮਹੱਤਵਪੂਰਨ ਉਪਾਅ ਸੁਝਾਉਂਦੇ ਹੋਏ ਕਿਹਾ ਗਿਆ ਆਮ ਆਦਮੀ ਕਲੀਨਿਕ ਤੇ ਆਏ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਸਿਹਤ ਸਿੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ 6 ਮਹੀਨਿਆਂ ਤੱਕ ਬੱਚਿਆਂ ਨੂੰ ਸਿਰਫ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਜਿਸ ਨਾਲ ਬੱਚੇ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ, ਪਾਚਨ ਅਤੇ ਰੋਗ ਪ੍ਰਤੀਰੋਧਕ ਪ੍ਰਣਾਲੀ ਬਹੁਤ ਤੇਜ਼ੀ ਨਾਲ ਵਿਕਸਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਜਨਮ ਤੋਂ 6 ਮਹੀਨੇ ਬਾਅਦ ਸੈਮੀਸਾਲਿਡ ਡਾਈਟ ਹੌਲੀ-ਹੌਲੀ ਸ਼ੁਰੂ ਕਰਨੀ ਚਾਹੀਦੀ ਹੈ। ਇਸ ਪ੍ਰਕਿਰਿਆ ਨੂੰ ਅਪਣਾ ਕੇ ਬੱਚਿਆਂ ਦਾ ਵਿਕਾਸ ਸਹੀ ਢੰਗ ਨਾਲ ਕੀਤਾ ਜਾ ਸਕਦਾ ਹੈ।

ਟ੍ਰੇਨਿੰਗ ਸੈਸ਼ਨ ਦੌਰਾਨ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰਾਂ ਨੂੰ ਪੀ.ਪੀ.ਟੀ. ਰਾਹੀਂ ਵਿਸ਼ੇ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਮੈਡੀਕਲ ਅਫ਼ਸਰਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਪੀ.ਪੀ.ਟੀ. ਰਾਹੀਂ ਹਰ ਪਹਿਲੂ ਨੂੰ ਵਿਸਥਾਰ ਨਾਲ ਸਮਝਾਉਂਦੇ ਹੋਏ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਫੈਮਿਲੀ ਪਲਾਨਿੰਗ, ਪੋਸਟ ਨੇਟਲ ਕੇਅਰ ਆਦਿ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਿਖਲਾਈ ਦਿੱਤੀ ਗਈ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਐਸਐਮਓ ਕਮ ਨੋਡਲ ਅਫ਼ਸਰ ਡਾ. ਅਮਰਜੀਤ ਸਿੰਘ, ਡਾ. ਗੁਰਸੇਵਕ ਸਿੰਘ ਗਿੱਲ, ਡਾ. ਗਗਨ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ ਮੌਜੂਦ ਸਨ ।