• Site Map
  • Accessibility Links
  • English
Close

Prevention from contaminated water and mosquito-borne diseases is essential – Civil Surgeon Dr. Balwinder Kaur

Publish Date : 14/07/2025
Prevention from contaminated water and mosquito-borne diseases is essential - Civil Surgeon Dr. Balwinder Kaur

ਦੂਸ਼ਿਤ ਪਾਣੀ ਅਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ – ਸਿਵਲ ਸਰਜਨ ਡਾ. ਬਲਵਿੰਦਰ ਕੌਰ

ਰੂਪਨਗਰ, 14 ਜੁਲਾਈ: ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਆਮ ਲੋਕਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਵਰਖਾ ਰੁੱਤ ਦੌਰਾਨ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਟਾਈਫਾਇਡ, ਡਾਇਰੀਆ, ਪੀਲੀਆ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸੇ ਤਰ੍ਹਾਂ ਇਸ ਮੌਸਮ ਵਿੱਚ ਮੱਛਰਾਂ ਦੇ ਕੱਟਣ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ। ਇਨ੍ਹਾਂ ਤੋਂ ਬਚਾਅ ਲਈ ਹਰੇਕ ਵਿਅਕਤੀ ਨੂੰ ਜਾਗਰੂਕ ਹੋ ਕੇ ਸੁਚੇਤ ਰਹਿਣਾ ਚਾਹੀਦਾ ਹੈ।

ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਲੋਕਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਕੇ ਸੁਚੇਤ ਰਹਿੰਦੇ ਹੋਏ ਸਿਹਤਮੰਦ ਰਿਹਾ ਜਾ ਸਕਦਾ ਹੈ। ਬਰਸਾਤੀ ਮੌਸਮ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਵਰਤੋਂ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਜਰੂਰਤ ਹੁੰਦੀ ਹੈ ਅਜਿਹੇ ਵਿੱਚ ਘਰ ‘ਚ ਤਿਆਰ ਕੀਤੇ ਭੋਜਨ ਨੂੰ ਤਰਜੀਹ ਦੇਣੀ ਚਾਹੀਦੀ ਹੈ, ਬਾਹਰੀ ਖਾਣੇ ਅਤੇ ਜੰਕ-ਫੂਡ ਤੋਂ ਪ੍ਰਹੇਜ ਕਰੋ। ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖੋ। ਪਾਣੀ ਉਬਾਲ ਕੇ ਪੀਓ ਜਾਂ ਫਿਰ ਪੀਣ ਲਈ ਫਿਲਟਰ ਕੀਤੇ ਹੋਏ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਨੂੰ ਸਾਫ ਕਰਨ ਲਈ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਜਿਕਰਯੋਗ ਹੈ ਕਿ ਕਲੋਰੀਨ ਦੀ ਇੱਕ ਗੋਲੀ 20 ਲੀਟਰ ਪਾਣੀ ਸਾਫ ਕਰਨ ਲਈ ਕਾਫੀ ਹੈ।

ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਉੱਚ ਬੁਖਾਰ, ਥਕਾਵਟ, ਉਲਟੀਆਂ, ਜਾਂ ਪੇਟ ਦੀ ਤਕਲੀਫ਼ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਖੇ ਓ.ਆਰ.ਐੱਸ. ਕਾਰਨਰ ਵੀ ਬਣਾਏ ਗਏ ਹਨ ਜਿੱਥੇ ਓ.ਆਰ.ਐੱਸ. ਦਾ ਘੋਲ ਤਿਆਰ ਕਰਨ ਦੀ ਵਿਧੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਓ.ਆਰ. ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ। ਆਸ਼ਾ ਵਰਕਰਜ਼ ਵੱਲੋਂ ਵੀ ਘਰ-ਘਰ ਜਾ ਕੇ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ।

ਸਿਵਲ ਸਰਜਨ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਮੱਛਰ ਦੇ ਕੱਟਣ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬੁਖਾਰ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ ਇਸ ਲਈ ਆਪਣੇ ਘਰਾਂ ਅਤੇ ਕੰਮਕਾਜੀ ਸਥਾਨਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿਓ।ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ।

ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵੱਗਣਾ ਆਦਿ ਦੇ ਲੱਛਣ ਦਿੱਸਣ ਤਾਂ ਇਹ ਡੇਂਗੂ ਬੁਖਾਰ ਹੋ ਸਕਦਾ ਹੈ।ਅਜਿਹੀ ਹਾਲਤ ਵਿੱਚ ਜਲਦ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਸੰਪਰਕ ਕਰਕੇ ਡਾਕਟਰੀ ਸਲਾਹ ਮੁਤਾਬਕ ਜਾਂਚ ਅਤੇ ਇਲਾਜ ਕਰਵਾਇਆ ਜਾਵੇ।