Program organized at Government College Rupnagar regarding women empowerment

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਕਾਲਜ ਰੂਪਨਗਰ ਵਿਖੇ ਮਹਿਲਾ ਸਸ਼ਕਤੀਕਰਨ ਦੇ ਸੰਬੰਧ ਵਿਚ ਕਰਵਾਇਆ ਪ੍ਰੋਗਰਾਮ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਗਈ ਸ਼ਿਰਕਤ
ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ
ਚੇਅਰਪਸਨ ਨੇ ਸਖੀ ਵਨ ਸਟਾਪ ਸੈਂਟਰ ਅਤੇ ਵੁਮੈਨ ਸੈਲ ਦਾ ਵੀ ਕੀਤਾ ਦੌਰਾ
ਰੂਪਨਗਰ, 16 ਅਪ੍ਰੈਲ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਮਹਿਲਾ ਸਸ਼ਕਤੀਕਰਨ ਦੇ ਸੰਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ।
ਇਸ ਮੌਕੇ ਤੇ ਸ਼੍ਰੀਮਤੀ ਰਾਜ ਲਾਲੀ ਗਿੱਲ, ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਵਿਸ਼ੇਸ਼ ਤੌਰ ਤੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੇ ਹੋਏ, ਉਨ੍ਹਾਂ ਦੇ ਸ਼ਕਤੀਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚੇ ਸਮਾਜ ਵਿੱਚ ਵਿਸ਼ੇਸ਼ ਥਾਂ ਰੱਖਦੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਕਨੂੰਨ ਬਣਾਉਣ ਤੋਂ ਇਲਾਵਾ ਰਾਸ਼ਟਰੀ ਅਤੇ ਰਾਜ ਪੱਧਰ ਤੇ ਕਮਿਸ਼ਨ ਵੀ ਕਾਇਮ ਕੀਤੇ ਗਏ ਹਨ।
ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਸਖੀ ਵਨ ਸਟੌਪ ਸੈਂਟਰ, ਮਹਿਲਾ ਹੈਲਪਲਾਈਨ 181, ਘਰੇਲੂ ਹਿੰਸਾ ਐਕਟ, ਪੋਕਸੋ ਐਕਟ ਬਾਰੇ ਸੈਂਟਰ ਐਡਮਿਨ ਵਨ ਸਟੌਪ ਸੈਂਟਰ ਰੂਪਨਗਰ ਸ਼੍ਰੀਮਤੀ ਕੰਵਲਜੀਤ ਕੌਰ ਵਲੋਂ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸੋਸ਼ਲ ਵਰਕਰ ਮਨਿੰਦਰ ਕੌਰ ਵਲੋਂ ਚਾਇਲਡ ਹੈਲਪਲਾਈਨ 1098 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੈਨਲ ਐਡਵੋਕੇਟ ਸ਼੍ਰੀ ਬਰਿੰਦਰ ਸਿੰਘ ਅਤੇ ਸ਼੍ਰੀਮਤੀ ਭਗਵੰਤ ਕੌਰ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਸਕੀਮ ਤਹਿਤ ਕਾਲਜ ਦੀਆਂ ਲੜਕੀਆਂ ਨੂੰ ਇਨਾਮ ਵੰਡੇ ਗਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਸ਼੍ਰੀਮਤੀ ਸ਼ਰੂਤੀ ਸ਼ਰਮਾ ਦੇ “ਬੇਟੀ ਬਚਾਓ, ਬੇਟੀ ਪੜ੍ਹਾਓ” ਸਕੀਮ ਦੇ ਅਧੀਨ ਉਪਰਾਲੇ ਸਦਕਾ ਆਈ.ਟੀ.ਆਈ (ਲੜਕੀਆਂ) ਰੂਪਨਗਰ ਵਿਖੇ ਸੈਲਫ ਡਿਫੈਂਸ/ਮਾਰਸ਼ਲ ਆਰਟਸ ਦੀ ਟਰੇਨਿੰਗ ਦਿੱਤੀ ਗਈ ਜਿਸ ਵਿਚ ਟਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਲੋਂ ਸਰਟੀਫਿਕੇਟ ਦਿੱਤੇ ਗਏ।
ਇਸ ਮੌਕੇ ਮਹਿਲਾਵਾਂ ਵਲੋਂ ਚਲਾਏ ਜਾ ਰਹੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਵਲੋਂ ਸਟਾਲ ਲਗਾਏ ਗਏ ਅਤੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਲੋਂ ਇਨ੍ਹਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਤਮਨਿਰਭਰਤਾ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਖੀ ਵਨ ਸਟਾਪ ਸੈਂਟਰ, ਸਿਵਲ ਹਸਪਤਾਲ ਦਾ ਵੀ ਦੌਰਾ ਵੀ ਕੀਤਾ ਗਿਆ ਅਤੇ ਉਨ੍ਹਾਂ ਔਰਤਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਉਥੇ ਦਿੱਤੀ ਜਾ ਰਹੀਆਂ ਸੇਵਾਵਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਵੀ ਕੀਤੀ।
ਇਸ ਦੇ ਨਾਲ ਹੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਵਲੋਂ ਵੁਮੈਨ ਸੈਲ ਰੂਪਨਗਰ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਵਲੋਂ ਆਈਆਂ ਹੋਈਆਂ ਮਹਿਲਾਵਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਗਈਆਂ।
ਇਸ ਮੌਕੇ ਐੱਸਪੀ ਸ. ਚੰਦ ਸਿੰਘ, ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ, ਡਿਪਟੀ ਡਾਇਰੈਕਟਰ ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀ ਨਿਖਿਲ ਅਰੋੜਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਸ਼੍ਰੀਮਤੀ ਸ਼ਰੂਤੀ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਾਜਿੰਦਰ ਕੌਰ, ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਸ. ਜਤਿੰਦਰ ਸਿੰਘ ਗਿੱਲ, ਪ੍ਰੋ ਨਿਰਮਲ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਹਰਜੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।