Close

Special awareness campaign against drugs in villages and wards from September 29

Publish Date : 25/09/2026
Special awareness campaign against drugs in villages and wards from September 29

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ 29 ਸਤੰਬਰ ਤੋਂ

ਡਿਪਟੀ ਕਮਿਸ਼ਨਰ ਨੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ

ਰੂਪਨਗਰ, 25 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਹਰ ਪਿੰਡ ਅਤੇ ਵਾਰਡ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 29 ਸਤੰਬਰ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਬੈਠਕ ਦੌਰਾਨ ਮੁਹਿੰਮ ਦੀ ਰੂਪ-ਰੇਖਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਹਰ ਪਿੰਡ ਅਤੇ ਹਰ ਵਾਰਡ ਦੇ ਹਰ ਪਰਿਵਾਰ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਸਿਰਫ਼ ਜਾਗਰੂਕਤਾ ਸਮਾਗਮਾਂ ਤੱਕ ਸੀਮਤ ਨਾ ਰੱਖਦਿਆਂ ਪਿੰਡ ਅਤੇ ਵਾਰਡ ਪੱਧਰ ’ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਲਗਾਤਾਰ ਜਨ-ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ। ਇਸ ਦੌਰਾਨ ਨੌਜਵਾਨਾਂ, ਵਿਦਿਆਰਥੀਆਂ, ਸਮਾਜਿਕ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ, ਵਾਰਡ ਮੈਂਬਰਾਂ ਅਤੇ ਹੋਰ ਭਾਈਚਾਰਕ ਨੁਮਾਇੰਦਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁਹਿੰਮ ਤਹਿਤ ਕਰਵਾਏ ਜਾਣ ਵਾਲੇ ਜਾਗਰੂਕਤਾ ਸਮਾਗਮਾਂ ਦੀ ਪਹਿਲਾਂ ਤੋਂ ਢੁੱਕਵੀਂ ਯੋਜਨਾਬੰਦੀ ਕਰਕੇ ਪਿੰਡ ਅਤੇ ਵਾਰਡ ਪੱਧਰ ’ਤੇ ਪ੍ਰਭਾਵਸ਼ਾਲੀ ਤਾਲਮੇਲ ਕਾਇਮ ਕੀਤਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਤੱਥਾਂ ਆਧਾਰਿਤ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਲੋਕਾਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਅਤੇ ਨਸ਼ਿਆਂ ਸਬੰਧੀ ਪ੍ਰਾਪਤ ਜਾਣਕਾਰੀ ਨੂੰ ਬਣਦੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਨੂੰ ਰੋਕਣ ਲਈ ਪ੍ਰਸ਼ਾਸਨ, ਪੁਲਿਸ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਸਪਲਾਈ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀ ਦੇ ਮੈਂਬਰਾਂ ਜਾਂ ਆਮ ਲੋਕਾਂ ਵੱਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਤਸਕਰੀ ਸਬੰਧੀ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਦੇ ਯਤਨਾਂ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਸ ਮੁਹਿੰਮ ਨੂੰ ਪਿੰਡ ਅਤੇ ਵਾਰਡ ਪੱਧਰ ਤੱਕ ਲੈ ਕੇ ਜਾਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ 29 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਬੈਠਕ ਦੌਰਾਨ ਵਾਰਡਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ ਗਏ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਵਾਰਡ ਵਿੱਚ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਪਸੀ ਤਾਲਮੇਲ ਨਾਲ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐੱਸ.ਪੀ. ਪਲਵਿੰਦਰ ਸਿੰਘ ਚੀਮਾ, ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਚੇਤਨ ਬੰਗੜ, ਹਲਕਾ ਕੋਆਰਡੀਨੇਟਰ ਰੂਪਨਗਰ ਅਵਤਾਰ ਸਿੰਘ ਕੁੰਨਰ, ਹਲਕਾ ਕੋਆਰਡੀਨੇਟਰ ਸ੍ਰੀ ਚਮਕੌਰ ਸਾਹਿਬ ਪਰਸ਼ੋਤਮ ਸਿੰਘ ਮਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।