The Deputy Commissioner inspected the ongoing development works in the district under MGNREGA
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ
ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਨਿਰੰਤਰ ਜਾਂਚ ਕਰਦਿਆਂ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
ਰੂਪਨਗਰ, 27 ਦਸੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਮਗਨਰੇਗਾ ਤਹਿਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਗਲੇ ਸਾਲ ਦੇ ਬਜਟ ਦੀ ਤਿਆਰੀ ਸੰਬੰਧੀ ਦਿਸ਼ਾ ਨਿਰਦੇਸ਼ ਦਿੱਤੇ।
ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਹਰ ਹਫ਼ਤੇ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਨਰੇਗਾ ਸਕੀਮ ਰਾਹੀਂ ਵੱਖ ਵੱਖ ਕੰਮ ਕਰਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ । ਇਸ ਵਿੱਚ ਮੁੱਖ ਤੌਰ ’ਤੇ ਸਕੂਲ ਪਾਰਕ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਾਂਝਾ ਜਲ ਤਲਾਬ, ਖਾਲਾਂ ਅਤੇ ਫਿਲਟਰ ਮੀਡੀਆ ਆਦਿ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਅਧੀਨ ਪਾਰਦਰਸ਼ਤਾ ਲਿਆਉਣ ਲਈ ਲੇਬਰ ਦੀ ਹਾਜ਼ਰੀ ਮੋਬਾਇਲ ਮੋਨੀਟਰਿੰਗ ਸਿਸਟਮ ਰਾਹੀਂ ਲਗਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕੰਮ ਵਾਲੀਆਂ ਥਾਵਾਂ ’ਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਜੋਬ ਕਾਰਡਧਾਰਕਾਂ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਮੰਗ ਅਨੁਸਾਰ 100 ਦਿਨਾਂ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗਰੀਬੀ ਮੁਕਤ ਤੇ ਵਧੇਰੇ ਅਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ, ਸਵੱਛ ਤੇ ਹਰੀ ਭਰੀ ਪੰਚਾਇਤ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਤੇ ਸਮਾਜਿਕ ਤੌਰ ’ਤੇ ਸੁਰੱਖਿਅਤ ਪਿੰਡ, ਚੰਗਾ ਸਾਸ਼ਨ ਤੇ ਮਹਿਲਾਵਾਂ ਦੇ ਅਨੁਕੂਲ ਪਿੰਡ ਜਿਹੇ ਵਿਸ਼ਿਆਂ ਬਾਰੇ ਜਾਣੂ ਕਰਵਾ ਕੇ ਇਨ੍ਹਾਂ ਮੁਤਾਬਕ ਪਿੰਡ ਦਾ ਟੀਚਾ ਵੀ ਮਿੱਥਿਆ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਇਨ੍ਹਾਂ ਟੀਚਿਆਂ ਦਾ ਘੇਰਾ ਵਿਆਪਕ ਹੋਣ ਕਾਰਨ ਇਨ੍ਹਾਂ ’ਚ ਅੱਗੇ ਮਗਨਰੇਗਾ ਤਹਿਤ ਹੋਣ ਸਕਣ ਵਾਲੇ ਕੰਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕਾਰਜਾਂ, ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਵਾਤਾਵਰਣ/ਜੰਗਲਾਤ ਸਬੰਧੀ, ਬੱਚਿਆਂ ਦੇ ਸੰਪੂਰਣ ਵਿਕਾਸ ਅਤੇ ਆਂਗਨਵਾੜੀ ਸੈਂਟਰਾਂ ਨੂੰ ਨਵਿਆਉਣ ਸਬੰਧੀ, ਸਿਹਤ ਸੇਵਾਵਾਂ ’ਚ ਸੁਧਾਰ ਸਬੰਧੀ, ਕਮਿਊਨਿਟੀ ਸੈਂਟਰ ਬਣਾਉਣ ਸਬੰਧੀ, ਸੇਵਾ ਕੇਂਦਰ ਸਬੰਧੀ, ਘਰੇਲੂ ਹਿੰਸਾ ਸਬੰਧੀ, ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ, ਪਿੰਡ ’ਚ ਸਾਖਰਤਾ ਦਰ ਵਧਾਉਣ ਸਬੰਧੀ, ਪਿੰਡ ’ਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਸਬੰਧੀ, ਨਸ਼ਿਆਂ ਖਿਲਾਫ਼ ਜਾਗਰੂਕਤਾ ਸਬੰਧੀ, ਗ੍ਰਾਮ ਪੰਚਾਇਤ ਡਿਵੈਲਪਮੈਂਟ ਪ੍ਰਾਜੈਕਟ ਸਬੰਧੀ, ਰਾਸ਼ਟਰੀ ਪੰਚਾਇਤ ਪੁਰਸਕਾਰਾਂ ਸਬੰਧੀ, ਆਡਿਟ ਨੋਟ ’ਤੇ ਵਿਚਾਰ ਸਬੰਧੀ, ਫੁਟਕਲ ਖਰਚਿਆਂ, ਸਾਂਝੇ ਤਲਾਬ ਅਤੇ ਹੋਰ ਮੁੱਦਿਆਂ ’ਤੇ ਵਿਚਾਰ ਚਰਚਾ ਵੀ ਇਨ੍ਹਾਂ ਗ੍ਰਾਮ ਸਭਾਵਾਂ/ਇਜਲਾਸ ਦਾ ਹਿੱਸਾ ਬਣ ਸਕਦੀ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਆਮ ਇਜਲਾਸਾਂ ਦੌਰਾਨ ਆਪਣੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਗ੍ਰਾਮ ਸਭਾਵਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਦੇਣ ਲਈ ਮੌਕੇ ’ਤੇ ਬਿਨੈ ਫਾਰਮ ਭਰਨ ਦੀ ਸਹੂਲਤ ਸਬੰਧੀ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ ਤਾਂ ਜੋ ਜ਼ਮੀਨੀ ਪੱਧਰ ਤੱਕ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਆਮ ਇਜਲਾਸਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਵਿੱਚ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਦਾ ਅਨੁਮਾਨ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਲਾਨਾ ਯੋਜਨਾ ਬਾਰੇ ਵਿਸਥਾਰ ਨਾਲ ਦੱਸਿਆ ਜਾਵੇ।