The Deputy Commissioner sought a damage report from the Sub Divisional Magistrates of the district
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਤੋਂ ਨੁਕਸਾਨ ਦੀ ਰਿਪੋਰਟ ਮੰਗੀ
ਰੂਪਨਗਰ, 11 ਜੁਲਾਈ: ਪੰਜਾਬ ਸਰਕਾਰ ਦੇ ਮਾਲ ਵਿਭਾਗ ਨੇ ਹੁਣ ਤਕ ਹੋਏ ਨੁਕਸਾਨ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਤੋਂ ਜ਼ਿਲ੍ਹਾ ਰੂਪਨਗਰ ਵਿੱਚ ਹੋਏ ਨੁਕਸਾਨ ਦੀ ਰਿਪੋਰਟ ਮੰਗੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 8 ਜੁਲਾਈ ਤੋਂ 10 ਜੁਲਾਈ ਤੱਕ ਜ਼ਿਲ੍ਹੇ ਵਿਚ ਹੋਈ ਭਾਰੀ ਬਾਰਿਸ਼ ਕਾਰਨ ਹੜ੍ਹਾਂ ਜਿਹੀ ਸਥਿਤੀ ਪੈਦਾ ਹੋ ਗਈ ਸੀ ਅਤੇ ਵਰਖਾ ਦਾ ਪਾਣੀ ਕਈ ਘਰਾਂ, ਪਿੰਡਾਂ, ਦੁਕਾਨਾਂ ਅਤੇ ਫੈਕਟਰੀਆਂ ਅੰਦਰ ਚਲਾ ਗਿਆ ਸੀ।
ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਰਿਪੋਰਟ ਦੇ ਲਈ ਨੰਬਰਦਾਰਾਂ, ਸਰਪੰਚਾ, ਐਮ.ਸੀ. ਅਤੇ ਆਮ ਜਨਤਾ ਨਾਲ ਸੰਪਰਕ ਕਰਕੇ ਸਿਹਤ ਸਬੰਧੀ ਅਤੇ ਹੋਰ ਸਮੱਸਿਆਵਾਂ ਦੀ ਜਾਣਕਾਰੀ ਲਈ ਜਾਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮਨੁੱਖੀ ਜਾਨਾਂ, ਪਸ਼ੂ ਧੰਨ ਅਤੇ ਮਕਾਨਾਂ ਆਦਿ ਦੇ ਨੁਕਸਾਨ ਸਬੰਧੀ ਵੀ ਰਿਪੋਰਟ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਹਿਰਾਂ, ਦਰਿਆਵਾਂ ਦੇ ਬੰਨਾਂ ਤੇ ਕਮਜੋਰ ਪੁਆਇੰਟਸ ਅਤੇ ਮੁਰੰਮਤ ਦੀ ਜਰੂਰਤ ਸਬੰਧੀ ਵੀ ਰਿਪੋਰਟ ਵਿੱਚ ਲਿਖ ਕੇ ਭੇਜਿਆ ਜਾਵੇ।