The District Nodal Officer for SVEEP reviewed voter awareness activities under SVEEP 2026-27.

Publish Date : 17/11/2026
The District Nodal Officer for SVEEP reviewed voter awareness activities under SVEEP 2026-27.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨੇ ਸਵੀਪ 2026-27 ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ

18 ਨਵੰਬਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ

ਰੂਪਨਗਰ, 17 ਨਵੰਬਰ: ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) 2026-27 ਤਹਿਤ ਚਲਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਲਿੰਧੀਆ ਐਲ.ਐਨ. ਦੀ ਪ੍ਰਧਾਨਗੀ ਹੇਠ ਸਹਾਇਕ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਪ੍ਰਧਾਨਗੀ ਕਰ ਰਹੇ ਅਧਿਕਾਰੀ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਵਿੱਚ ਸਵੀਪ ਤਹਿਤ ਹੁਣ ਤੱਕ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਸਹਾਇਕ ਨੋਡਲ ਅਫ਼ਸਰਾਂ ਨੇ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਕੁਇਜ਼, ਲੇਖ ਲਿਖਣ ਅਤੇ ਲਿਖਤੀ ਮੁਕਾਬਲੇ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਤਿਆਰ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਭਵਿੱਖ ਵਿੱਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਸਬੰਧੀ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ, ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਲੋਕਤੰਤਰ ਵਿੱਚ ਵੋਟ ਦੀ ਤਾਕਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਗਿਆ।

ਲਿੰਧੀਆ ਐਲ.ਐਨ. ਵੱਲੋਂ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਨਵੰਬਰ 2026 ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਉਣ ਸਬੰਧੀ ਲੋੜੀਂਦੇ ਆਦੇਸ਼ ਵੀ ਜਾਰੀ ਕੀਤੇ ਗਏ।

ਇਸ ਮੌਕੇ ਤਹਿਸੀਲਦਾਰ ਚੋਣਾਂ, ਰੂਪਨਗਰ ਪਲਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਇੰਦਰਜੀਤ ਸਿੰਘ, ਸਹਾਇਕ ਸਵੀਪ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੰਦੀਪ ਭੱਟ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।