Training on ‘Next Gen DISE’ portal conducted in view of Assembly Elections-2027

Publish Date : 09/10/2026
Training on ‘Next Gen DISE’ portal conducted in view of Assembly Elections-2027

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ‘ਨੈਕਸਟ ਜਨਰਲ ਡੀ.ਆਈ.ਐੱਸ.ਈ.’ ਪੋਰਟਲ ਸਬੰਧੀ ਸਿਖਲਾਈ ਕਰਵਾਈ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਹੋਈ ਸਿਖਲਾਈ

ਰੂਪਨਗਰ, 9 ਅਕਤੂਬਰ: ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ‘ਨੈਕਸਟ ਜਨਰਲ ਡੀ.ਆਈ.ਐੱਸ.ਈ.’ (ਨੈਕਸਟ ਜੇਨ ਡੀਆਈਐਸਆਈ) ਪੋਰਟਲ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ, ਰੂਪਨਗਰ ਵੱਲੋਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਜ਼ਿਲ੍ਹੇ ਅਧੀਨ ਆਉਂਦੇ ਜਨਤਕ ਖੇਤਰ ਦੇ ਬੈਂਕਾਂ ਦੇ ਅਧਿਕਾਰੀਆਂ ਨੂੰ ਪੋਰਟਲ ਦੀ ਵਰਤੋਂ ਅਤੇ ਇਸ ਉੱਤੇ ਲੋੜੀਂਦਾ ਡਾਟਾ ਦਰਜ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸਿਖਲਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੋਰਟਲ ਦੀ ਕਾਰਜਪ੍ਰਣਾਲੀ ਨੂੰ ਸਮਝਿਆ ਅਤੇ ਡਾਟਾ ਦਰਜ ਕਰਨ ਸਬੰਧੀ ਆਪਣੇ ਸਵਾਲ ਵੀ ਪੁੱਛੇ। ਜ਼ਿਲ੍ਹਾ ਸੂਚਨਾ ਅਫ਼ਸਰ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ ਅਤੇ ਪੋਰਟਲ ਉੱਤੇ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ-2027 ਨਾਲ ਸਬੰਧਤ ਡਾਟਾ ਭੇਜਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਲੋੜੀਂਦਾ ਡਾਟਾ ਨਿਰਧਾਰਤ ਸਮੇਂ ਅੰਦਰ ‘ਨੈਕਸਟ ਜਨਰਲ ਡੀ.ਆਈ.ਐੱਸ.ਈ.’ ਪੋਰਟਲ ਉੱਤੇ ਆਨਲਾਈਨ ਅਪਲੋਡ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਸ ਡਾਟੇ ਦੀ ਹਾਰਡ ਕਾਪੀ ਵੀ ਜ਼ਿਲ੍ਹਾ ਸੂਚਨਾ ਅਫ਼ਸਰ, ਰੂਪਨਗਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਚੋਣਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਸਮੇਂ ਸਿਰ ਇਕੱਤਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਸਕੇ।

ਇਸ ਸਿਖਲਾਈ ਪ੍ਰੋਗਰਾਮ ਵਿੱਚ ਜ਼ਿਲ੍ਹਾ ਸੂਚਨਾ ਅਫ਼ਸਰ, ਰੂਪਨਗਰ ਅਤੇ ਜ਼ਿਲ੍ਹਾ ਚੋਣ ਦਫ਼ਤਰ, ਰੂਪਨਗਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਜਨਤਕ ਖੇਤਰ ਦੇ ਬੈਂਕਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।