Voting for Morinda Municipal Council elections will be held on May 26 – Shri Aditya Dechalwal
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
26 ਮਈ ਨੂੰ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਹੋਵੇਗੀ ਵੋਟਿੰਗ- ਸ਼੍ਰੀ ਅਦਿੱਤਿਆ ਡੇਚਲਵਾਲ
15 ਵਾਰਡਾਂ ਦੇ 22 ਪੋਲਿੰਗ ਸਟੇਸ਼ਨਾਂ ‘ਤੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ- ਡਿਪਟੀ ਕਮਿਸ਼ਨਰ
ਮੋਰਿੰਡਾ, 25 ਮਈ: ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ 15 ਵਾਰਡਾਂ ਵਿੱਚ ਸਥਾਪਿਤ 22 ਪੋਲਿੰਗ ਸਟੇਸ਼ਨਾਂ ‘ਤੇ 26 ਮਈ ਨੂੰ ਵੋਟਿੰਗ ਕਰਵਾਈ ਜਾਵੇਗੀ। ਇਸ ਸਬੰਧੀ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਪੋਲਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਲੋਕਤੰਤਰ ਦੀ ਬੁਨਿਆਦ ਹਨ ਅਤੇ ਇਸ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਅਹਿਮ ਹੈ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣ।
ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਸ਼੍ਰੀ ਚੇਤਨ ਬੰਗੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਪੋਲਿੰਗ ਬੂਥ ‘ਤੇ ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਨਾਲ ਵੋਟਰਾਂ ਨੂੰ ਗਰਮੀ ਤੋਂ ਬਚਾਅ ਅਤੇ ਆਰਾਮਦਾਇਕ ਢੰਗ ਨਾਲ ਵੋਟਿੰਗ ਕਰਨ ਵਿੱਚ ਸਹੂਲਤ ਮਿਲੇਗੀ।
ਉਨ੍ਹਾਂ ਹੋਰ ਦੱਸਿਆ ਕਿ ਸਿਹਤ ਵਿਭਾਗ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਿਆ ਗਿਆ ਹੈ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਗਿਆ ਹੈ।