Zero tolerance policy will be adopted against incidents of stubble burning in the district – Additional Deputy Commissioner
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ- ਵਧੀਕ ਡਿਪਟੀ ਕਮਿਸ਼ਨਰ
ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ
ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ
ਰੂਪਨਗਰ, 18 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਸਮੂਹ ਐਸ.ਡੀ.ਐਮਜ, ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 110 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੇ ਜਮੀਨ ਦੀ ਗਿਰਦਾਵਰੀ ਵਿੱਚ ਲਾਲ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 67 ਕਲੱਸਟਰ ਅਫ਼ਸਰ ਤੇ 89 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਆਪਰੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਜਾਣੂੰ ਕਰਵਾਇਆ ਗਿਆ ਹੈ ਕਿ ਕੋਈ ਵੀ ਮਸ਼ੀਨ ਬਿਨ੍ਹਾਂ ਸੁਪਰ ਐਸ.ਐਮ.ਐਸ. ਸਿਸਟਮ ਤੋਂ ਨਾ ਚਲਾਈ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਦੇ ਮਨਾਹੀ ਹੁਕਮ ਵੀ ਜਾਰੀ ਕੀਤੇ ਗਏ ਹਨ। ਜੇਕਰ ਅਜਿਹਾ ਮਾਮਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 360 ਏਕੜ ਜ਼ਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੀਤੇ ਸਾਲ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਗਿਆ ਹੈ।
ਚੰਦਰਜਯੋਤੀ ਸਿੰਘ ਨੇ ਕੋਆਪਰੇਟਿਵ ਸੋਸਾਇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲੱਭਧ ਮਸ਼ੀਨਰੀ ਬਿਲਕੁਲ ਚਾਲੂ ਹਾਲਤ ਵਿੱਚ ਹੋਣੀ ਚਾਹੀਦੀ ਹੈ, ਕਟਾਈ ਤੋਂ ਪਹਿਲਾਂ ਪਹਿਲਾਂ ਇਸਨੂੰ ਸੁਨਿਸ਼ਚਿਤ ਕਰ ਲਿਆ ਜਾਵੇ, ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਸਮੂਹ ਥਾਣਾ ਮੁਖੀਆਂ ਨੂੰ ਆਪਣੇ ਪੱਧਰ ਤੇ ਹਾਟਸਪਾਟ ਪਿੰਡਾਂ ਦਾ ਨਿੱਜੀ ਤੌਰ ਤੇ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲਗਾਉਣ ਤੋਂ ਬਾਅਦ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ਦੀ ਪ੍ਰਥਾ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਤੌਰ ਤੇ ਨੱਥ ਪਾਈ ਜਾ ਸਕੇ।
ਉਨ੍ਹਾਂ ਸਮੂਹ ਐਸ.ਡੀ.ਐਮਜ ਨੂੰ ਵੀ ਕਲੱਸਟਰ ਪੱਧਰ ਤੇ ਮੀਟਿੰਗਾਂ ਕਰਕੇ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਦੇ ਮੁਕੰਮਲ ਖਾਤਮੇ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਕਾਰਜਕਾਰੀ ਇੰਜੀਨੀਅਰ ਪੀਪੀਸੀਬੀ ਵਿਪਨ ਕੁਮਾਰ, ਖੇਤੀਬਾੜੀ ਅਫ਼ਸਰ ਪੰਕਜ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀਮਤੀ ਸੁਚਰੀਤ ਕੌਰ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਹਾਜਰ ਸਨ।